ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਗਸਤ
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ ਦੇ ਆਗੂ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਬਚਾਉਣ ਲਈ ਵਿਜੀਲੈਂਸ ਦਫ਼ਤਰ ਅੱਗੇ ਧਰਨਾ ਦੇ ਰਹੇ ਹਨ ਪਰ ‘ਆਪ’ ਸਰਕਾਰ ਵੱਲੋਂ ਕਿਸੇ ਵੀ ਭ੍ਰਿਸ਼ਟ ਆਗੂ ਅਤੇ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਜੇਕਰ ਸਾਫ਼-ਸੁਥਰੇ ਹਨ ਤਾਂ ਜਾਂਚ ਦਾ ਵਿਰੋਧ ਕਰਨ ਦੀ ਥਾਂ ਜਾਂਚ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਹੋਏ ਵੱਖ-ਵੱਖ ਘੁਟਾਲਿਆਂ ਦੀ ਜਾਂਚ ਚੱਲ ਰਹੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ। ‘ਆਪ’ ਦੇ ਬੁਲਾਰੇ ਨੇ ਸਾਬਕਾ ਜੇਲ੍ਹ ਮੰਤਰੀ ਅਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ ’ਤੇ ਕਾਂਗਰਸ ਸਰਕਾਰ ਦੌਰਾਨ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਉਣ ਲਈ ਮੁਹਾਲੀ ਵਿੱਚ ਫਰਜ਼ੀ ਐੱਫਆਈਆਰ ਦਰਜ ਕਰਕੇ ਰੋਪੜ ਕੇਂਦਰੀ ਜੇਲ੍ਹ ’ਚ ਉਸ ਨੂੰ ‘ਵੀਵੀਆਈਪੀ ਟਰੀਟਮੈਂਟ’ ਦੇਣ ਦਾ ਦੋਸ਼ ਵੀ ਲਗਾਇਆ। ਪੰਜਾਬ ਅਤੇ ਹਰਿਆਣਾ ਸਰਕਾਰ ਵਿਚਕਾਰ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਸਬੰਧੀ ਸਹਿਮਤੀ ਬਣਨ ਮਗਰੋਂ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੱਲੋਂ ਕੌਮਾਂਤਰੀ ਹਵਾਈ ਅੱਡੇ ਦੇ ਨਾਮ ਨਾਲ ਪੰਚਕੂਲਾ ਸ਼ਹਿਰ ਦਾ ਨਾਮ ਜੋੜਨ ਦੀ ਮੰਗ ਸਬੰਧੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਸ਼ਹੀਦਾਂ ਦੇ ਨਾਮ ’ਤੇ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸ਼ਹੀਦ ਭਗਤ ਸਿੰਘ ਨੇ ਸਾਰੇ ਦੇਸ਼ ਲਈ ਲੜਾਈ ਲੜੀ ਸੀ ਤਾਂ ਅਜਿਹੀ ਮੰਗ ਰੱਖਣਾ ਗਲਤ ਹੈ।