ਰਾਹੁਲ ਗਾਂਧੀ ਦੀ ਫੇਰੀ ਸਬੰਧੀ ਕਾਂਗਰਸ ਆਗੂ ਹੋਏ ਸਰਗਰਮ
ਆਤਿਸ਼ ਗੁਪਤਾ
ਚੰਡੀਗੜ੍ਹ, 2 ਜੂਨ
ਹਰਿਆਣਾ ਕਾਂਗਰਸ ਨੇ 4 ਜੂਨ ਦਿਨ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਲਈ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀਆਂ ਮੀਟਿੰਗਾਂ ਤੇ ਹੋਰਨਾਂ ਪ੍ਰਬੰਧਾਂ ਦੀ ਤਿਆਰੀ ਕੀਤੀ ਜਾ ਰਹੀ ਹੈ। ਹਰਿਆਣਾ ਕਾਂਗਰਸ ਦੇ ਇੰਚਾਰਜ ਬੀਕੇ ਹਰੀ ਪ੍ਰਸਾਦ ਤੇ ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਨੇ ਕਿਹਾ ਕਿ ਹਰਿਆਣਾ ਕਾਂਗਰਸ ਨੇ ਸੂਬਾਈ ਜਥੇਬੰਧਕ ਢਾਂਚੇ ਦਾ ਐਲਾਨ ਕਰਨ ਲਈ ਸਾਰੀ ਪ੍ਰੀਕਿਰਿਆ ਪੂਰੀ ਕਰ ਲਈ ਹੈ, ਜਲਦ ਹੀ ਪਾਰਟੀ ਵੱਲੋਂ ਐਲਾਨ ਕੀਤਾ ਜਾਵੇਗਾ। ਹਰੀ ਪ੍ਰਸਾਦ ਨੇ ਕਿਹਾ ਕਿ ਕਾਂਗਰਸ ਦੀ ਕੌਮੀ ਲੀਡਰਸ਼ਿਪ ਵੱਲੋਂ ਹਰਿਆਣਾ ਦੇ ਹਰੇਕ ਜ਼ਿਲ੍ਹੇ ਵਿੱਚ ਇਕ-ਇਕ ਨਿਗਰਾਨ ਨਿਯੁਕਤ ਕੀਤਾ ਗਿਆ ਹੈ, ਜਿਸ ਵੱਲੋਂ ਆਪਣੇ ਜ਼ਿਲ੍ਹੇ ਦਾ ਦੌਰਾ ਕਰਕੇ ਰਿਪੋਰਟ ਤਿਆਰ ਕੀਤੀ ਗਈ ਹੈ। ਇਨ੍ਹਾਂ ਨਿਗਰਾਨਾਂ ਵੱਲੋਂ ਰਿਪੋਰਟ ਰਾਹੁਲ ਗਾਂਧੀ ਨੂੰ ਸੌਂਪੀ ਜਾਵੇਗੀ। ਇਸ ਦੌਰਾਨ ਪਾਰਟੀ ਵਿੱਚ ਅਨੁਸ਼ਾਸਨ ਭੰਗ ਕਰਨ ਵਾਲਿਆਂ ਬਾਰੇ ਪਾਰਟੀ ਹਾਈਕਮਾਂਡ ਨੂੰ ਸੂਚਿਤ ਕੀਤਾ ਜਾਵੇਗਾ, ਜਿਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਲਈ ਫਾਰਮ ਭਰੇ ਜਾਣਗੇ। ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਮਗਰੋਂ ਸੂਬਾ ਪ੍ਰਧਾਨ ਦੀ ਘੋਸ਼ਣਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹਰਿਆਣਾ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਗੁੱਟਬਾਜ਼ੀ ਹਾਵੀ ਸੀ, ਜਿਸ ਕਰਕੇ ਪਾਰਟੀ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਰਾਹੁਲ ਗਾਂਧੀ ਵੱਲੋਂ ਹਰਿਆਣਾ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਫੈਸਲੇ ਲਏ ਜਾਣਗੇ। ਮੀਟਿੰਗ ਮਗਰੋਂ ਕਾਂਗਰਸ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦਾ ਵੀ ਐਲਾਨ ਕੀਤਾ ਜਾਵੇਗਾ।