ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਅਗਸਤ
ਬਰਗਾੜੀ ਮੋਰਚੇ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਅਤੇ ਦੋ ਵਿਧਾਇਕਾਂ ਵੱਲੋਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਕੋਲ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕਰਦਿਆਂ ਆਖਿਆ ਕਿ ਇਸ ਨਾਲ ਜਥੇਦਾਰ ਦੀ ਮਰਿਆਦਾ ਨੂੰ ਢਾਹ ਲੱਗੀ ਹੈ।
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਦੇ ਮੰਤਰੀ ਤੇ ਵਿਧਾਇਕਾਂ ਦੀ ਕਾਰਵਾਈ ਦਾ ਨੋਟਿਸ ਲੈਂਦਿਆਂ ਦੋਸ਼ ਲਾਇਆ ਕਿ ਉਹ ਸਿੱਖ ਕੌਮ ਨੂੰ ਦੋਫਾੜ ਕਰਨ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਹਰਮਿੰਦਰ ਸਿੰਘ ਗਿੱਲ ਨੇ ਅਕਾਲ ਤਖ਼ਤ ਤੋਂ ਬਾਹਰ ਸੜਕ ’ਤੇ ਖੜ੍ਹੇ ਹੋ ਕੇ ਮੁਤਵਾਜ਼ੀ ਜਥੇਦਾਰ ਦੇ ਸਾਹਮਣੇ ਪੇਸ਼ ਹੋ ਕੇ ਜੋ ਕੁਝ ਕੀਤਾ, ਉਹ ਗ਼ਲਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਨ੍ਹਾਂ ਆਗੂਆਂ ਨੇ ਕੁਝ ਦਿਨ ਪਹਿਲਾਂ ਹੀ ਭਾਈ ਮੰਡ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਸ ਨੂੰ ਸਿੱਖ ਪੰਥ ਦੀਆਂ ਨੁਮਾਇੰਦਾ ਸੰਸਥਾਵਾਂ ਵੱਲੋਂ ਜਥੇਦਾਰ ਵਜੋਂ ਕੋਈ ਮਾਨਤਾ ਨਹੀਂ ਹੈ, ਇਸ ਲਈ ਉਹ ਉਸ ਕੋਲ ਪੇਸ਼ ਨਹੀਂ ਹੋ ਸਕਦੇ, ਪਰ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਪੇਸ਼ੀ ਦਾ ਨਾਟਕ ਕਰ ਕੇ ਉਨ੍ਹਾਂ ਅਕਾਲ ਤਖ਼ਤ ਦੀਆਂ ਪ੍ਰੰਪਰਾਵਾਂ ਤੇ ਮਾਣ-ਮਰਿਆਦਾ ਦਾ ਘਾਣ ਕੀਤਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਾਂਗਰਸ ਦੇ ਮਨਸੂਬਿਆਂ ਤੋਂ ਚੌਕਸ ਰਹੇ।
ਦੱਸਣਯੋਗ ਹੈ ਕਿ ਮੁਤਵਾਜ਼ੀ ਜਥੇਦਾਰ ਵੱਲੋਂ ਇਸ ਮਾਮਲੇ ’ਚ ਹੁਣ 30 ਅਗਸਤ ਨੂੰ ਅਗਲਾ ਫ਼ੈਸਲਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕੱਲ੍ਹ ਸ਼੍ਰੋਮਣੀ ਕਮੇਟੀ ’ਤੇ ਸਹਿਯੋਗ ਨਾ ਦੇਣ ਦਾ ਦੋਸ਼ ਲਾਇਆ ਸੀ।