ਮਨੋਜ ਸ਼ਰਮਾ
ਬਠਿੰਡਾ, 8 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਡੀਏਪੀ ਖਾਦ ਮੁਹੱਈਆ ਕਰਵਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ’ਤੇ ਅਕਾਲੀ ਦਲ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗਾ।
ਇਥੇ ਗੁਲਾਬੀ ਸੁੰਡੀ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਅਤੇ ਡੀਏਪੀ ਖਾਦ ਦੀ ਮੰਗ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸੀ ਆਗੂ ਆਪਸੀ ਲੜਾਈ ਵੱਲ ਉਲਝੇ ਹੋਏ ਹਨ, ਜਦਕਿ ਕਿਸਾਨਾਂ ਦੀਆਂ ਮੰਗਾਂ ਵੱਲ ਕਿਸੇ ਦਾ ਧਿਆਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਕਾਲੀ ਆਗੂ ਨੇ ਗੁਲਾਬੀ ਸੁੰਡੀ ਕਾਰਨ ਤਬਾਹ ਹੋਏ ਨਰਮੇ ਦਾ ਹਾਲੇ ਤੱਕ ਮੁਆਵਜ਼ਾ ਨਾ ਦੇਣ ’ਤੇ ਵੀ ਚੰਨੀ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੀੜਤ ਕਿਸਾਨਾਂ ਨਾਲ ਤਸਵੀਰਾਂ ਖਿਚਵਾ ਕੇ ਤੁਰਦੇ ਬਣੇ, ਜਦਕਿ ਰਾਹਤ ਜਾਰੀ ਕਰਨਾ ਭੁੱਲ ਗਏ, ਜਿਸ ਕਾਰਨ ਕਿਸਾਨ ਠੱਗੇ-ਠੱਗੇ ਮਹਿਸੂਸ ਕਰ ਰਹੇ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੈਟਰੋਲ ਅਤੇ ਡੀਜ਼ਲ ਦੇ ਭਾਅ ਪੰਜਾਬ ਵਿੱਚ ਸਭ ਤੋਂ ਘੱਟ ਹੋਣ ਦੇ ਦਾਅਵੇ ਕਰ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਚੰਡੀਗੜ੍ਹ ਦੇ ਨਾਲ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਤੇ ਡੀਜ਼ਲ ਸਸਤਾ ਹੈ।
ਰੰਧਾਵਾ ਦੇ ਜਵਾਈ ਦੀ ਨਿਯੁਕਤੀ ਦੀ ਨਿਖੇਧੀ
ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਵੀਰ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਾਏ ਜਾਣ ’ਤੇ ਪ੍ਰਤੀਕਰਮ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੇ ਹਨ ਤੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਅਸਾਮੀਆਂ ’ਤੇ ਰੱਖ ਰਹੇ, ਜਿਸ ਕਾਰਨ ਘਰ-ਘਰ ਨੌਕਰੀ ਸਕੀਮ ਕਾਂਗਰਸ ਘਰ ਨੌਕਰੀ ਬਣ ਕੇ ਰਹਿ ਗਈ ਹੈ। ਬਾਦਲ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਇਸ਼ਾਰੇ ’ਤੇ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ’ਤੇ ਅਜਿਹੇ ਸਾਰੇ ਅਫ਼ਸਰਾਂ ਤੋਂ ਹਿਸਾਬ ਲਿਆ ਜਾਵੇਗਾ।