ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਮਈ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾ ’ਤੇ ਕਾਬਜ਼ ਕਾਂਗਰਸ ਨੇ ਆਪਣੀ ਕੁਰਸੀ ਦੀ ਲੜਾਈ ਖ਼ਾਤਰ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਦਿੱਤਾ ਹੈ। ਸਿਹਤ ਸਹੂਲਤਾਂ ਤੋਂ ਵਾਂਝੇ ਪੰਜਾਬ ਦੇ ਲੋਕ ਮਰ ਰਹੇ ਹਨ ਪਰ ਕਾਂਗਰਸੀ ਆਪਣੀਆਂ ਕੁਰਸੀਆਂ ਖ਼ਾਤਰ ਮੀਟਿੰਗਾਂ ਵਿੱਚ ਰੁੱਝੇ ਹੋਏ ਹਨ। ਭਗਵੰਤ ਮਾਨ ਇੱਥੇ ਕਰੋਨਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਕਰੋਨਾ ਮਹਾਮਾਰੀ ਨਾਲ ਪੰਜਾਬ ਦੇ ਲੋਕ ਮਰ ਰਹੇ ਹਨ। ਹਸਪਤਾਲਾਂ ਵਿੱਚ ਬੈੱਡ ਨਹੀਂ ਅਤੇ ਨਾ ਹੀ ਆਕਸੀਜਨ ਦੇ ਪੁਖ਼ਤਾ ਪ੍ਰਬੰਧ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਸਿਸਵਾਂ ਫਾਰਮ ਤੋਂ ਬਾਹਰ ਨਹੀਂ ਨਿਕਲ ਰਹੇ ਜਦਕਿ ਬਾਕੀ ਮੰਤਰੀ ਅਤੇ ਵਿਧਾਇਕ ਕੁਰਸੀ ਦੀ ਦੌੜ ਵਿੱਚ ਮੀਟਿੰਗਾਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਸਮੇਤ ਸਮੁੱਚੀ ਪੰਜਾਬ ਕੈਬਨਿਟ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਅਤੇ ਪ੍ਰਧਾਨਗੀ ਦੀ ਕੁਰਸੀ ਦੀ ਲੜਾਈ ਬਾਅਦ ਵਿੱਚ ਲੜ ਲੈਣ, ਪਹਿਲਾਂ ਪੰਜਾਬ ਦੇ ਲੋਕਾਂ ਦੀ ਜਾਨ ਬਚਾ ਲੈਣ। ਕੇਂਦਰ ਸਰਕਾਰ ’ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਹੁਣ ਗਾਇਬ ਹੈ। ਗੰਗਾ ਨਦੀ ਵਿੱਚੋਂ ਲਾਸ਼ਾਂ ਦਾ ਮਿਲਣਾ ਦੇਸ਼ ਲਈ ਸ਼ਰਮਨਾਕ ਹੈ। ਉਨ੍ਹਾਂ ਪ੍ਰਧਾਨ ਮੰਤਰੀ ’ਤੇ ਵਿਅੰਗ ਕਰਦਿਆਂ ਕਿਹਾ ਕਿ ਉਹ ਆਖਦੇ ਸਨ ਕਿ ਉਹ ਤਾਂ ਫ਼ਕੀਰ ਹਨ, ਝੋਲਾ ਚੁੱਕ ਕੇ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਹੱਥ ਜੋੜ ਕੇ ਅਪੀਲ ਕਰਦੇ ਹਨ ਕਿ ਕਿਰਪਾ ਕਰਕੇ ਪ੍ਰਧਾਨ ਮੰਤਰੀ ਆਪਣਾ ਝੋਲਾ ਚੁੱਕ ਕੇ ਚਲੇ ਜਾਣ।