ਗਗਨਦੀਪ ਅਰੋੜਾ
ਲੁਧਿਆਣਾ, 19 ਅਪਰੈਲ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ’ਚ ਸਾਬਕਾ ਕਾਂਗਰਸੀ ਵਿਧਾਇਕਾਂ ਨੂੰ ਮਿਲੇ। ਉਹ ਸਭ ਤੋਂ ਪਹਿਲਾਂ ਸਾਬਕਾ ਵਿਧਾਇਕ ਸੰਜੈ ਤਲਵਾੜ ਦੇ ਘਰ ਪੁੱਜੇ। ਉਪੁਰੰਤ ਉਹ ਸੁਰਿੰਦਰ ਡਾਬਰ, ਰਾਕੇਸ਼ ਪਾਂਡੇ, ਕੁਲਦੀਪ ਵੈਦ ਅਤੇ ਅੰਤ ਵਿੱਚ ਹਲਕਾ ਆਤਮ ਨਗਰ ਤੋਂ ਚੋਣ ਲੜੇ ਕਮਲਜੀਤ ਸਿੰਘ ਕੜਵਲ ਦੇ ਘਰ ਪੁੱਜੇ। ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਉਨ੍ਹਾਂ ਦੇ ਨਾਲ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਹਾਈਕਮਾਨ ਵੱਲੋਂ ਜਾਰੀ ਕੀਤੇ ‘ਕਾਰਨ ਦੱਸੋ ਨੋਟਿਸ’ ਦਾ ਜਵਾਬ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਰ ਦਾ ਅਸਲ ਕਾਰਨ ਅਨੁਸ਼ਾਸਨਹੀਣਤਾ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਆਗਾਮੀ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ’ਚ ਕਾਂਗਰਸ ਮਜ਼ਬੂਤੀ ਨਾਲ ਲੜੇਗੀ ਤੇ ਜਿੱਤ ਦਰਜ ਕਰ ਕੇ ਵਾਪਸੀ ਕਰੇਗੀ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਜਿੰਨੇ ਵੀ ਚੋਣ ਵਾਅਦੇ ਕੀਤੇ ਸਨ, ਉਹ ਹਾਲੇ ਹਕੀਕਤ ’ਚ ਨਹੀਂ ਬਦਲੇ। ਚਾਹੇ ਸਰਕਾਰ ਨੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕਰ ਦਿੱਤਾ ਹੈ ਪਰ ਜਦੋਂ ਇਸ ਦਾ ਨੋਟੀਫਿਕੇਸ਼ਨ ਜਾਰੀ ਹੋਵੇਗਾ ਤਾਂ ਹੀ ਇਸ ਦੀ ਹਕੀਕਤ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸ਼੍ਰੇਣੀਆਂ ਨੂੰ ਇੱਕੋਂ ਵਰਗੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ।
ਨਵਜੋਤ ਸਿੰਘ ਸਿੱਧੂ ਵੱਲੋਂ ਵੱਖਰੇ ਤੌਰ ’ਤੇ ਮੀਟਿੰਗਾਂ ਕਰਨ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇੱਕ ਵੱਡਾ ਪਰਿਵਾਰ ਹੈ। ਹਰ ਆਗੂ ਨੂੰ ਮੀਟਿੰਗ ਕਰਨ ਦਾ ਅਧਿਕਾਰ ਹੈ। ਪਾਰਟੀ ਦੀ ਮਜ਼ਬੂਤੀ ਲਈ ਹਰ ਕੋਈ ਮੀਟਿੰਗ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨਾਲ ਚਾਹੇ ਪਹਿਲੇ ਦਿਨ ਉਨ੍ਹਾਂ ਦੀ ਗੱਲ ਨਹੀਂ ਹੋਈ ਸੀ ਪਰ ਬਾਅਦ ਵਿੱਚ ਉਨ੍ਹਾਂ ਸਿੱਧੂ ਨਾਲ ਗੱਲਬਾਤ ਕਰ ਲਈ ਸੀ।
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਇਸੇ ਤਰ੍ਹਾਂ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਰਾਏਕੋਟ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ 22 ਅਪਰੈਲ ਨੂੰ ਅਹੁਦਾ ਸੰਭਾਲਣ ਮਗਰੋਂ ਉਹ ਹਲਕਾ ਵਾਰ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੀ ਹੁੰਦੇ ਹਨ। ਉਹ ਵਰਕਰਾਂ ਦੀ ਪਾਰਟੀ ਤਿਆਰ ਕਰਨਗੇ। ਹੁਣ ਵਰਕਰ ਨੂੰ ਪ੍ਰਧਾਨ ਕੋਲ ਆਉਣ ਦੀ ਜ਼ਰੂਰਤ ਨਹੀਂ ਸਗੋਂ ਪ੍ਰਧਾਨ ਵਰਕਰਾਂ ਕੋਲ ਪਹੁੰਚਿਆ ਕਰੇਗਾ।
ਜਗਰਾਉਂ (ਜਸਬੀਰ ਸ਼ੇਤਰਾ): ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਬਿ ਦੀ ਅਗਵਾਈ ਹੇਠ ਜਗਰਾਉਂ ਵਿੱਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਇਕ ਮਹੀਨੇ ਅੰਦਰ 26 ਕਤਲ ਹੋਏ ਹਨ। ਇਸ ਲਈ ਅਰਵਿੰਦ ਕੇਜਰੀਵਾਲ ਨੂੰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੀ ਜਗ੍ਹਾ ਪੰਜਾਬ ਵਿਚ ‘ਸ਼ਾਂਤੀ ਮਾਰਚ’ ਕੱਢਣਾ ਚਾਹੀਦਾ ਹੈ।
ਸਰਕਾਰ ਨੂੰ ਐੱਸਵਾਈਐੱਲ ਦਾ ਮੁੱਦਾ ਗੰਭੀਰਤਾ ਨਾਲ ਲੈਣ ਦੀ ਅਪੀਲ
ਐੱਸਵਾਈਐੱਲ ਮੁੱਦੇ ’ਤੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਮਲਾ ਗੰਭੀਰਤਾ ਨਾਲ ਲੈਣਾ ਪਵੇਗਾ। ਇਸ ਮੁੱਦੇ ਨਾਲ ਪੰਜਾਬ ਦਾ ਭਵਿੱਖ ਜੁੜਿਆ ਹੋਇਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਸੰਸਦ ਮੈਂਬਰਾਂ ਵੱਲੋਂ ਧਾਰੀ ਚੁੱਪ ’ਤੇ ਸਵਾਲ ਉਠਾਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਲਈ ਸੂਬੇ ਵਿੱਚ ਕਾਬਜ਼ ‘ਆਪ’ ਸਰਕਾਰ ਆਪਣਾ ਸਟੈਂਡ ਸਪੱਸ਼ਟ ਕਰੇ।