ਪੰਜਾਬ ਕਾਂਗਰਸ ਦੇ ਐੱਸ ਸੀ ਵਿੰਗ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਝੂਠਾ ਕੇਸ ਦਰਜ ਕਰਨ ਖ਼ਿਲਾਫ਼ ਚੰਡੀਗੜ੍ਹ ’ਚ ਮੁਜ਼ਾਹਰਾ ਕੀਤਾ। ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਐੱਸ ਸੀ ਵਿੰਗ ਦੇ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਜਾਤੀ ਭੇਦਭਾਵ ਅਤੇ ਦਲਿਤਾਂ ’ਤੇ ਹੋ ਰਹੇ ਜ਼ੁਲਮਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਚੁੱਪ ਕਰਵਾਉਣ ਲਈ ਬਦਲੇ ਦੀ ਰਾਜਨੀਤੀ ਕਰ ਰਹੀ ਹੈ।
ਰਾਜ ਕੁਮਾਰ ਵੇਰਕਾ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਵੰਡਣ ਅਤੇ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ ਅਤੇ ਡਾ. ਬੀ ਆਰ ਅੰਬੇਡਕਰ ਵੱਲੋਂ ਸਥਾਪਤ ਕੀਤੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤਾ ਕੇਸ ਭਾਜਪਾ ਦੀ ਬਦਲੇ ਦੀ ਰਾਜਨੀਤੀ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਦਲਿਤ ਵਰਗ ਦੇ ਮਨਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਭਾਜਪਾ ਸਰਕਾਰ ਨੇ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਚੁੱਕਣ ’ਤੇ ਰਾਹੁਲ ਗਾਂਧੀ ਨੂੰ ਹੀ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹਲਦਵਾਨੀ ’ਚ ਵਾਪਰੀ ਘਟਨਾ ਨੇ ਭਾਜਪਾ ਅਤੇ ਆਰ ਐੱਸ ਐੱਸ ਦੀ ਦਲਿਤ ਵਰਗ ਪ੍ਰਤੀ ਸੋਚ ਨੂੰ ਉਜਾਗਰ ਕਰ ਦਿੱਤਾ ਹੈ।
ਵੇਰਕਾ ਨੇ ਕਿਹਾ, ‘‘ਇਹ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਭਾਈਚਾਰੇ ਦਾ ਅਪਮਾਨ ਨਹੀਂ ਹੈ, ਸਗੋਂ ਇਹ ਡਾ. ਅੰਬੇਡਕਰ, ਸੰਵਿਧਾਨ ਅਤੇ ਸਾਡੇ ਲੋਕਤੰਤਰ ਵਿੱਚ ਮੌਜੂਦ ਬਰਾਬਰੀ ਦੇ ਸਿਧਾਂਤ ਦਾ ਵੀ ਅਪਮਾਨ ਹੈ।” ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗੰਭੀਰ ਘਟਨਾ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰਨ ਦੀ ਥਾਂ ਰਾਹੁਲ ਗਾਂਧੀ ਨੂੂੰ ਨਿਸ਼ਾਨਾ ਬਣਾਇਆ ਹੈ। ਸਾਬਕਾ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਚਾਲਾਂ ਤੋਂ ਕਦੇ ਡਰਨ ਵਾਲੀ ਨਹੀਂ ਹੈ। ਕਾਂਗਰਸ ਪਾਰਟੀ ਬ੍ਰਿਟਿਸ਼ ਸਾਮਰਾਜ ਦੇ ਸਾਹਮਣੇ ਨਹੀਂ ਝੁਕੀ ਸੀ ਅਤੇ ਭਾਜਪਾ ਦੀਆਂ ਸਸਤੀਆਂ ਡਰਾਉਣ-ਧਮਕਾਉਣ ਵਾਲੀਆਂ ਚਾਲਾਂ ਅਤੇ ਸਿਆਸੀ ਬਦਲੇ ਦੀ ਰਾਜਨੀਤੀ ਅੱਗੇ ਵੀ ਚੁੱਪ ਨਹੀਂ ਬੈਠੇਗੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਮਨਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

