ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਫਰਵਰੀ
ਭਾਜਪਾ ਦਾ ਕਹਿਣਾ ਹੈ ਕਾਂਗਰਸ ਦੀ ਚੋਣ ਮੁਹਿੰਮ ਦੇ ਇੰਚਾਰਜ ਸੁਨੀਲ ਜਾਖੜ ਵੱਲੋਂ ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਕੇ ਭੱਜਣ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਵਿਧਾਨ ਸਭਾ ਦਾ ਚੋਣ ਮੈਦਾਨ ਛੱਡ ਕੇ ਭੱਜ ਗਈ ਹੈ। ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਜਾਖੜ ਵੱਲੋਂ ਸਰਗਰਮ ਸਿਆਸਤ ਛੱਡਣ ’ਤੇ ਕਿਹਾ ਕਿ ਇਸ ਦਾ ਮੁੱਖ ਕਾਰਨ ਕਾਂਗਰਸ ਵੱਲੋਂ ਇਕ ਹਿੰਦੂ ਹੋਣ ਕਾਰਨ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਤੋਂ ਇਨਕਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸਿੱਖ ਵਿਧਾਇਕਾਂ ਵੱਲੋਂ ਜਾਖੜ ਨੂੰ ਮੁੱਖ ਮੰਤਰੀ ਬਣਾਉਣ ਦਾ ਸਮਰਥਨ ਦਿੱਤਾ ਗਿਆ ਸੀ ਪਰ ਕਾਂਗਰਸ ਹਾਈ ਕਮਾਨ ਨੇ ਇਸ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗ਼ਲਤੀ ਪੰਜਾਬ ਦੇ ਲੋਕਾਂ ਦੀ ਨਹੀਂ, ਕਾਂਗਰਸ ਹਾਈ ਕਮਾਨ ਦੀ ਹੈ, ਜਿਹੜੀ ਲੋਕਾਂ ਨੂੰ ਫਿਰਕੂ ਆਧਾਰ ’ਤੇ ਵੰਡਣਾ ਚਾਹੁੰਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਸੱਤਾ ਦੀ ਲੜਾਈ ਤੋਂ ਬਾਹਰ ਹੋ ਚੁੱਕੀ ਹੈ।
ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਭਾਜਪਾ ’ਚ ਸ਼ਾਮਲ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਨਸ਼ਿਆਂ ਦੇ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਈ ਵਾਰ ਤਲਬ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅਵਿਨਾਸ਼ ਚੰਦਰ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਵਿਨਾਸ਼ ਚੰਦਰ ਦੇ ਆਉਣ ਨਾਲ ਭਾਜਪਾ ਮਜ਼ਬੂਤ ਹੋਵੇਗੀ। ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ। ਅਵਿਨਾਸ਼ ਚੰਦਰ ਨੇ ਇਸੇ ਦੌਰਾਨ ਕਾਂਗਰਸ ਵਿਚ ਸ਼ਾਮਲ ਹੋਣ ਲਈ ਕੈਪਟਨ ਅਮਰਿੰਦਰ ਸਿੰਘ ਤੱਕ ਵੀ ਪਹੁੰਚ ਕੀਤੀ ਸੀ।