ਖੇਤਰੀ ਪ੍ਰਤੀਨਿਧ
ਬਟਾਲਾ, 2 ਜਨਵਰੀ
ਪਿੰਡ ਡੇਹੜ ਦੀ ਕਾਂਗਰਸੀ ਸਰਪੰਚ ਦੇ ਪਤੀ ਅਤੇ ਉਸ ਦੇ ਰਿਸ਼ਤੇਦਾਰ ’ਤੇ ਅੱਜ ਦੇਰ ਸ਼ਾਮ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਸਰਪੰਚ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਵੇਰਵਿਆਂ ਪਿੰਡ ਡੇਹੜ ਦੀ ਕਾਂਗਰਸੀ ਸਰਪੰਚ ਜੀਵਨਜੋਤ ਕੌਰ ਦਾ ਪਤੀ ਹਰਮਿੰਦਰ ਸਿੰਘ (52) ਅਤੇ ਉਨ੍ਹਾਂ ਦੇ ਘਰ ਆਇਆ ਇੱਕ ਰਿਸ਼ਤੇਦਾਰ ਦਿਲਪ੍ਰੀਤ ਸਿੰਘ ਉਰਫ਼ ਦੀਪੂ ਪਿੰਡ ਦੀ ਇੱਕ ਗਲੀ ਵਿੱਚ ਖੜ੍ਹੇ ਸਨ, ਜਿੱਥੇ ਉਨ੍ਹਾਂ ਦਾ ਦੋ ਨੌਜਵਾਨਾਂ ਨਾਲ ਤਕਰਾਰ ਹੋ ਗਿਆ। ਇਸ ਦੌਰਾਨ ਨੌਜਵਾਨਾਂ ਨੇ ਦੋਵਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਦਿਲਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦ ਕਿ ਹਰਮਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤੀ ਹੈ। ਪੁਲੀਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।