ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੁਲਾਈ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿੱਚ ਬਿਜਲੀ ਪਲਾਂਟ ਲਾਉਣ ਵਾਲੀਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲੋਂ ਕਾਂਗਰਸ ਨੇ ਕਰੋੜਾਂ ਰੁਪਏ ਫੰਡ ਵਜੋਂ ਲਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਤਾਂ ਪਲਾਂਟਾਂ ’ਚ ਹਿੱਸੇਦਾਰੀ ਪਾਈ ਹੋਈ ਹੈ। ਇਸੇ ਕਾਰਨ ਪੰਜਾਬ ਵਾਸੀਆਂ ਨੂੰ ਦੇਸ਼ ਭਰ ਤੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ। ਸੰਸਦ ਮੈਂਬਰ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਸੰਬੋਧਤ ਹੁੰਦਿਆਂ ਕਿਹਾ, ‘ਸਿੱਧੂ ਸਾਹਿਬ ਕਾਂਗਰਸ ਪਾਰਟੀ ਵੱਲੋਂ ਬਿਜਲੀ ਕੰਪਨੀਆਂ ਤੋਂ ਲਏ ਕਰੋੜਾਂ ਰੁਪਏ ਦੇ ਫੰਡਾਂ ਬਾਰੇ ਵੀ ਇੱਕ ਟਵੀਟ ਠੋਕੋ।’ ਸ੍ਰੀ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਤਿੰਨ ਪ੍ਰਾਈਵੇਟ ਬਿਜਲੀ ਕੰਪਨੀਆਂ ਨੇ ਬਿਜਲੀ ਪਲਾਂਟ ਸਥਾਪਤ ਕੀਤੇ ਹਨ। ਕਾਂਗਰਸ ਨੇ ਇਨ੍ਹਾਂ ਸਾਰੀਆਂ ਕੰਪਨੀਆਂ ਤੋਂ 15.35 ਕਰੋੜ ਰੁਪਏ ਲਏ ਹਨ। ਉਨ੍ਹਾਂ ਕਿਹਾ ਕਿ ਇਸੇ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਪ੍ਰਾਈਵੇਟ ਬਿਜਲੀ ਸਮਝੌਤੇ ਰੱਦ ਨਹੀਂ ਕਰਦੀ ਕਿਉਂਕਿ ਬਿਜਲੀ ਕੰਪਨੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੇ ਘਰ ਤੱਕ ਪੈਸਿਆਂ ਦੀ ਵਰਖਾ ਕੀਤੀ ਹੈ।ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਜਲੀ ਕੰਪਨੀਆਂ ਤੋਂ ਪੈਸੇ ਨਹੀਂ ਲਏ, ਸਗੋਂ ਬਿਜਲੀ ਪਲਾਂਟਾਂ ਵਿੱਚ ਹਿੱਸਾ ਪਾਇਆ ਹੈ।
ਪੈਸੇ ਲੈੈਣ ਦੀ ਸੀਬੀਆਈ ਜਾਂਚ ਹੋਵੇ: ਅਕਾਲੀ ਦਲ
ਚੰਡੀਗੜ੍ਹ(ਦਵਿੰਦਰ ਪਾਲ):ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਮੈਨੇਜਮੈਂਟ ਤੋਂ 16.35 ਕਰੋੜ ਰੁਪਏ ਲੈਣ ਦੇ ਭ੍ਰਿਸ਼ਟਾਚਾਰ ਦੇ ਕੇਸ ਅਤੇ ਕਾਂਗਰਸ ਸਰਕਾਰ ਵੱਲੋਂ ਕੋਲ ਵਾਸ਼ਿੰਗ ਚਾਰਜਿਜ਼ ਦਾ 2500 ਕਰੋੜ ਰੁਪਏ ਦਾ ਕੇਸ ਥਰਮਲ ਪਲਾਂਟਾਂ ਕੋਲ ਹਾਰ ਜਾਣ ਦੇ ਮਾਮਲੇ ਦੀ ਸੀਬੀਆਈ ਕੋਲੋਂ ਜਾਂਚ ਕਰਵਾਈ ਜਾਵੇ। ਅੱਜ ਇੱਥੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਗੱਠਜੋੜ ਸਰਕਾਰ ਵੱਲੋਂ ਪ੍ਰਾਈਵੇਟ ਥਰਮਲਾਂ ਨਾਲ ਬਿਜਲੀ ਖਰੀਦ ਸਮਝੌਤੇ (ਪੀਪੀਏ) ’ਤੇ ਹਸਤਾਖਰ ਕਰਨ ਤੋਂ ਤੁਰੰਤ ਬਾਅਦ ਕਾਂਗਰਸ ਪਾਰਟੀ ਸਰਗਰਮ ਹੋ ਗਈ ਸੀ ਤੇ ਇਨ੍ਹਾਂ ਨੂੰ ਗਲਤ ਕਰਾਰ ਦਿੱਤਾ ਤੇ ਇਨ੍ਹਾਂ ਨੂੰ ਰੱਦ ਕਰਨ ਦੀ ਧਮਕੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਸੇ ਵੇਲੇ ਕਾਂਗਰਸ ਪਾਰਟੀ ਨੇ ਕੁਝ ਪ੍ਰਾਈਵੇਟ ਕੰਪਨੀਆਂ ਜਿਨ੍ਹਾਂ ’ਤੇ ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਨੇ ਗੜਬੜ ਕਰਨ ਦੇ ਦੋਸ਼ ਲਗਾਏ ਸਨ, ਤੋਂ ਪਾਰਟੀ ਫੰਡ ਲੈ ਲਏ।