ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕਾਂ ਨੂੰ ਭਾਜਪਾ ਦੀ ‘ਬੀ’ ਟੀਮ ਵਜੋਂ ਕੰਮ ਕਰਨ ਵਾਲੀ ਟੀਮ ਦੱਸਦਿਆਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਰੋਜ਼ਾਨਾ ਹੰਗਾਮਾ ਕਰਨ ’ਤੇ ਘੇਰਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਕਾਂਗਰਸ ਨੂੰ ਆਪਣਾ ਕਾਰਜਕਾਲ ਯਾਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਕਾਂਗਰਸ ਸਰਕਾਰ ਦੇ ਕਾਰਜਕਾਲ ਸਮੇਂ ਪੰਜਾਬ ਵਿੱਚ ਵਿਗੜੇ ਹਾਲਾਤ ਯਾਦ ਕਰਵਾਏ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ (ਟਾਰਗੇਟ ਕਿਲਿੰਗਜ਼) ਹੋਈਆਂ, ਜਿਨ੍ਹਾਂ ਵਿੱਚ ਗੁਰਦੀਪ ਪਹਿਲਵਾਨ, ਮਹਿੰਦਰਪਾਲ ਬਿੱਟੂ, ਦੋ ਏਐੱਸਆਈ, ਕਾਮਰੇਡ ਬਲਵਿੰਦਰ ਸਿੰਘ, ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਅਤੇ ਮਾਤਾ ਚੰਦ ਕੌਰ ਦੇ ਮਾਮਲੇ ਸ਼ਾਮਲ ਹਨ। ਸ੍ਰੀ ਅਰੋੜਾ ਨੇ ਸਵਾਲ ਕੀਤਾ ਕਿ ਕੀ ਤੁਹਾਡੀ ਸਰਕਾਰ ਸਮੇਂ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਬਦਤਰ ਨਹੀਂ ਸੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਦੀਪਕ ਟੀਨੂੰ ਦੇ ਫਰਾਰ ਹੋਣ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਲੁੱਕਆਊਟ ਸਰਕੁਲਰ ਜਾਰੀ ਕਰਕੇ ਫਰਾਰ ਹੋਏ ਵਿਅਕਤੀ ਨੂੰ ਫੜਨ ਲਈ ਛਾਪੇ ਮਾਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮਾਨਸਾ ਦੇ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰ ਲਿਆ ਹੈ।
ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ‘ਆਪ’ ਸਰਕਾਰ ਵੱਲੋਂ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਵਿਧਾਨ ਸਭਾ ਦੇ ਸੈਸ਼ਨ ਵਿਚ ਵਿਰੋਧੀ ਧਿਰਾਂ ਨੇ ‘ਆਪ’ ਸਰਕਾਰ ’ਤੇ ਦੋਸ਼ ਲਾਏ ਸਨ ਕਿ ਇਸ ਸਰਕਾਰ ਦੇ ਕਾਰਜਕਾਲ ਵਿਚ ਪੰਜਾਬ ਵਿਚ ਅਮਨ ਤੇ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਇਸ ਸਰਕਾਰ ਦੌਰਾਨ ਗੈਂਗਸਟਰਾਂ ਵੱਲੋਂ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਧੀਆਂ ਹਨ ਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।