ਚੰਡੀਗੜ੍ਹ (ਟਨਸ): ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਨੁਕਸਾਨ ਨੂੰ ਦੇਖਦਿਆਂ ਅਖ਼ੀਰ ਅੱਜ ਵੋਟਾਂ ਪੈਣ ਤੋਂ ਦੋ ਦਿਨ ਪਹਿਲਾਂ ਕਾਂਗਰਸ ਦੇ ਹਲਕਾ ਸਮਰਾਲਾ ਤੋਂ ਮੌਜੂਦਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ| ਕਾਂਗਰਸ ਹਾਈਕਮਾਂਡ ਨੇ ਇਹ ਕਦਮ ਉਦੋਂ ਉਠਾਇਆ ਹੈ ਜਦੋਂ ਉਸ ਨੂੰ ਚੋਣਾਂ ਵਿਚ ਸਿਆਸੀ ਨੁਕਸਾਨ ਹੋਣ ਦਾ ਖ਼ਦਸ਼ਾ ਖੜ੍ਹਾ ਹੋ ਗਿਆ ਹੈ| ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਅੱਜ ਪੱਤਰ ਜਾਰੀ ਕਰ ਕੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਅਨੁਸ਼ਾਸਨੀ ਕਾਰਵਾਈ ਕਰਦਿਆਂ ਪਾਰਟੀ ’ਚੋਂ ਬਾਹਰ ਦਾ ਰਾਹ ਦਿਖਾਇਆ ਹੈ| ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਐਤਕੀਂ ਚਾਰ ਵਾਰ ਵਿਧਾਇਕ ਰਹੇ ਅਮਰੀਕ ਸਿੰਘ ਢਿੱਲੋਂ ਦੀ ਥਾਂ ਹਲਕਾ ਸਮਰਾਲਾ ਤੋਂ ਰਾਜਾ ਗਿੱਲ ਨੂੰ ਟਿਕਟ ਦਿੱਤੀ ਹੈ, ਜਿਸ ਕਰ ਕੇ ਢਿੱਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੇ ਹਨ| ਉੱਧਰ, ਇਸ ਸਬੰਧੀ ਗੱਲ ਕਰਨ ’ਤੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਅਜਿਹਾ ਕੋਈ ਪੱਤਰ ਨਹੀਂ ਮਿਲਿਆ ਹੈ ਜਿਸ ਵਿਚ ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਕੱਢਣ ਸਬੰਧੀ ਜਾਣਕਾਰੀ ਹੋਵੇ। ਕੱਲ੍ਹ ਹੀ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ’ਚੋਂ ਕੱਢਿਆ ਸੀ| ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ’ਚੋਂ ਕੱਢਣ ’ਤੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਹੈਰਾਨੀ ਜ਼ਾਹਿਰ ਕੀਤੀ ਸੀ| ਪਤਾ ਲੱਗਾ ਹੈ ਕਿ ਕਾਂਗਰਸ ਪਾਰਟੀ ਹੋਰਨਾਂ ਆਗੂਆਂ ਖ਼ਿਲਾਫ਼ ਵੀ ਇਹ ਕਦਮ ਉਠਾ ਸਕਦੀ ਹੈ| ਕਾਂਗਰਸ ਪਾਰਟੀ ਵੱਲੋਂ ਤਲਵੰਡੀ ਸਾਬੋ ਤੋਂ ਕਾਂਗਰਸ ’ਚੋਂ ਬਾਗੀ ਹੋ ਕੇ ਚੋੋਣ ਲੜ ਰਹੇ ਹਰਮਿੰਦਰ ਸਿੰਘ ਜੱਸੀ ਖ਼ਿਲਾਫ਼ ਕੋਈ ਕਾਰਵਾਈ ਕਰਨ ਤੋਂ ਕਿਨਾਰਾ ਕੀਤਾ ਗਿਆ ਹੈ| ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਵੀ ਨੋਟਿਸ ਜਾਰੀ ਕੀਤਾ ਸੀ।