ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਨਵੰਬਰ
ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਵਿੱਚ ਮੁੜ ਆਉਣਾ ਚਾਹੀਦਾ ਹੈ ਤੇ ਮਿਲ ਕੇ ਇਕੱਠੇ ਪਾਰਟੀ ਨਾਲ ਚੱਲਣਾ ਚਾਹੀਦਾ ਹੈ। ਉਨ੍ਹਾਂ ਅੱਜ ਇਥੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਲਾਰੈਂਸ ਰੋਡ ਸਥਿਤ ਉਨ੍ਹਾਂ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਵਿੱਚ ਮੁੜ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕੈਪਟਨ ਦੀ ਵਾਪਸੀ ਬਾਰੇ ਚਰਚਾ ਵੀ ਚੱਲ ਰਹੀ ਹੈ ਤੇ ਪਾਰਟੀ ਦੇ ਮੈਂਬਰ ਚਾਹੁੰਦੇ ਹਨ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕਾਂਗਰਸ ਨਾਲ ਮਿਲ ਕੇ ਚੱਲਣ। ਕੇਂਦਰ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਨਹਿਰੂ ਨੇ ਦੇਸ਼ ਨੂੰ ਪੈਰਾਂ ਸਿਰ ਕਰਨ ਲਈ ਜਨਤਕ ਖੇਤਰ ਵਿੱਚ ਵੱਡਾ ਨਿਵੇਸ਼ ਕੀਤਾ ਸੀ, ਪਰ ਅੱਜ ਮੋਦੀ ਸਰਕਾਰ ਵੱਡੇ ਪੱਧਰ ’ਤੇ ਸਰਕਾਰੀ ਅਦਾਰੇ ਨਿੱਜੀ ਹੱਥਾਂ ਵਿੱਚ ਦੇ ਰਹੀ ਹੈ। ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਰੱਦ ਹੋਣੇ ਚਾਹੀਦੇ ਹਨ ਤਾਂ ਹੀ ਦੇਸ਼ ਦੇ ਕਿਸਾਨ ਤੇ ਛੋਟੇ ਵਪਾਰੀ ਜਿਉਂਦੇ ਰਹਿ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ’ਤੇ ਅਸਿੱਧੇ ਢੰਗ ਨਾਲ ਸ਼ਾਸਨ ਕਰਨ ਦੀ ਸਾਜ਼ਿਸ਼ ਤਹਿਤ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਇਆ ਗਿਆ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਪੰਜਾਬ ਵਿੱਚ ਚੋਣਾਂ ਜਿੱਤਣ ਲਈ ਬੀਐੱਸਐਫ ਦੀ ਮਦਦ ਵੀ ਲਈ ਜਾਵੇਗੀ। ‘ਆਪ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ‘ਆਪ’ ਦੇ ਵਿਧਾਇਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।