ਪੰਜਾਬ ’ਚ ਆਪਣੇ ਦਮ ’ਤੇ ਸਰਕਾਰ ਬਣਾਏਗੀ ਕਾਂਗਰਸ: ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਆਪਣੇ ਦਮ ’ਤੇ ਸਰਕਾਰ ਬਣਾਏਗੀ। ਉਹ ਅੱਜ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪਿੰਡ ਠੱਠੀ ਸੋਹਲ ਵਿੱਚ ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਸਮਰਥਨ ਲਈ ਰੱਖੀ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਅੱਜ ਤੋਂ ਹੀ ਹਰਾਉਣ ਦਾ ਮਨ ਬਣਾ ਲਿਆ ਹੈ ਅਤੇ ਕਾਂਗਰਸ ਪਾਰਟੀ ਸੂਬੇ ਦੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਹੋ ਰਹੀ ਹੈ| ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਨਤੀਜੇ ਤੋਂ ਹੀ ਸੂਬੇ ਦੇ ਲੋਕਾਂ ਦੀ ਨਬਜ਼ ਪਛਾਣੀ ਜਾਣੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਅੱਜ ਤੋਂ ਹੀ ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿੱਚ ਘਰ-ਘਰ ਪ੍ਰਚਾਰ ਕਰਨ ਲਈ ਜੁਟ ਜਾਣਾ ਚਾਹੀਦਾ ਹੈ| ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ‘ਆਪ’ ਨੇ ਆਪਣੀਆਂ ਮਾੜੀਆਂ ਆਰਥਿਕ ਨੀਤੀਆਂ ਕਰਕੇ ਪੰਜਾਬ ਸਿਰ ਭਾਰੀ ਕਰਜ਼ਾ ਚੜ੍ਹਾ ਦਿੱਤਾ ਹੈ। ਇਸ ਮੌਕੇ ਮੀਟਿੰਗ ਨੂੰ ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ, ਆੜ੍ਹਤੀ ਸਤਬੀਰ ਸਿੰਘ ਪੱਟੀ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ|
