ਕਿਸਾਨਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵੇਗੀ ਕਾਂਗਰਸ: ਵੜਿੰਗ
ਗਗਨਦੀਪ ਅਰੋੜਾ
ਲੁਧਿਆਣਾ, 14 ਜੁਲਾਈ
ਲੈਂਡ ਪੂਲਿੰਗ ਪਾਲਿਸੀ ਤਹਿਤ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਦੀ 24 ਹਜ਼ਾਰ ਤੋਂ ਵੱਧ ਏਕੜ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਪਾਰਟੀ ਦੇ ਆਗੂਆਂ ਅਤੇ ਕਾਰਕੁਨਾਂ ਨੇ ਗਲਾਡਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਵੱਡੀ ਗਿਣਤੀ ਵਿੱਚ ਟਰੈਕਟਰ ਲੈ ਕੇ ਪੁੱਜੇ ਕਾਂਗਰਸੀਆਂ ਨੇ ਫ਼ਿਰੋਜ਼ਪੁਰ ਰੋਡ ’ਤੇ ਸਥਿਤ ਗਲਾਡਾ ਦਫ਼ਤਰ ਨੂੰ ਘੇਰ ਲਿਆ ਅਤੇ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਆਵਾਜਾਈ ਬੰਦ ਕਰ ਦਿੱਤੀ। ਇਸ ਦੌਰਾਨ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸੀਆਂ ਨੇ ਇਸ ਸਕੀਮ ਤਹਿਤ ਜਾਰੀ ਕੀਤਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਗਲਾਡਾ ਦੇ ਪ੍ਰਸ਼ਾਸਕ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਸੌਂਪਿਆ।
ਰਾਜਾ ਵੜਿੰਗ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਸਰਕਾਰ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਨਾਲ ਕੋਈ ਧੱਕੇਸ਼ਾਹੀ ਕੀਤੀ ਤਾਂ ਪੰਜਾਬ ਕਾਂਗਰਸ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਸ ਧੱਕੇਸ਼ਾਹੀ ਦਾ ਜਵਾਬ ਦੇਵੇਗੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ‘ਆਪ’ ਸਰਕਾਰ ਦਾ ਤਾਨਾਸ਼ਾਹੀ ਫ਼ੈਸਲਾ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੈਂਡ ਪੂਲਿੰਗ ਨਹੀਂ, ਸਗੋਂ ‘ਆਪ’ ਆਗੂਆਂ ਦੀ ਜ਼ਮੀਨ ਲੁੱਟਣ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮਝ ਵਿਹੂਣਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਜ਼ਮੀਨ ਮਾਲਕਾਂ ਤੋਂ ਸਹਿਮਤੀ ਲਈ ਹੈ ਅਤੇ ਨਾ ਹੀ ਸਰਕਾਰ ਢੁੱਕਵਾਂ ਮੁਆਵਜ਼ਾ ਦੇ ਰਹੀ ਹੈ। ਸਰਕਾਰ ਹਰ ਏਕੜ ਬਦਲੇ ਕਿਸਾਨਾਂ ਨੂੰ 1000 ਵਰਗ ਗਜ਼ ਜ਼ਮੀਨ ਵਾਪਸ ਕਰੇਗੀ। ਇਸ ਦਾ ਮਤਲਬ ਹੈ ਕਿ ਕਿਸਾਨਾਂ ਕੋਲੋਂ 100 ਰੁਪਏ ਲੈ ਕੇ ਸਿਰਫ਼ 25 ਰੁਪਏ ਵਾਪਸ ਕੀਤੇ ਜਾਣਗੇ। ਸ੍ਰੀ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ੁਦ ਕਿਸਾਨ ਦੇ ਪੁੱਤਰ ਹੋਣ ਦੇ ਨਾਤੇ ਆਪਣੀ ਪਾਰਟੀ ਦੇ ਦਿੱਲੀ ਵਾਲੇ ਸਾਥੀਆਂ ਨਾਲੋਂ ਵਧੇਰੇ ਹਮਦਰਦੀ ਰੱਖਣੀ ਚਾਹੀਦੀ ਹੈ।
ਇਸ ਦੌਰਾਨ ਇਸ ਧਰਨੇ ਵਿੱਚ ਸਕੱਤਰ ਏਆਈਸੀਸੀ ਰਵਿੰਦਰ ਡਾਲਵੀ, ਰਾਣਾ ਕੇਪੀ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੱਧੂ, ਸਾਧੂ ਸਿੰਘ ਧਰਮਸੋਤ, ਸੁਖਪਾਲ ਸਿੰਘ ਖਹਿਰਾ, ਡਾ. ਅਮਰ ਸਿੰਘ, ਕੈਪਟਨ ਸੰਦੀਪ ਸੰਧੂ, ਜੱਸੀ ਖੰਗੂੜਾ, ਰਮਨਜੀਤ ਸਿੰਘ ਸਿੱਕੀ, ਸੁਖਪਾਲ ਸਿੰਘ ਭੁੱਲਰ, ਗੁਰਕੀਰਤ ਸਿੰਘ ਕੋਟਲੀ, ਮੋਹਿਤ ਮਹਿੰਦਰਾ, ਗੁਰਸ਼ਰਨ ਕੌਰ ਰੰਧਾਵਾ, ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਸੰਜੇ ਤਲਵਾੜ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਧਰਨੇ ’ਚੋਂ ਚੰਨੀ, ਆਸ਼ੂ ਤੇ ਪਰਗਟ ਸਿੰਘ ਗ਼ੈਰਹਾਜ਼ਰ
ਕਾਂਗਰਸ ਵੱਲੋਂ ਭਾਵੇਂ ਇੱਕਜੁਟ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਅੱਜ ਮੁੜ ਪਾਰਟੀ ਦੀ ਅੰਦਰੂਨੀ ਖਿੱਚੋਤਾਣ ਨਜ਼ਰ ਆਈ। ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਦਿੱਤੇ ਧਰਨੇ ਵਿੱਚੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਪਰਗਟ ਸਿੰਘ ਤੇ ਭਾਰਤ ਭੂਸ਼ਣ ਆਸ਼ੂ ਆਪਣੇ ਸਾਥਿਆਂ ਸਣੇ ਗ਼ੈਰਹਾਜ਼ਰ ਰਹੇ। ਇੰਨਾ ਹੀ ਨਹੀਂ ਸ੍ਰੀ ਆਸ਼ੂ ਅੱਜ ਸ਼ਹਿਰ ਵਿੱਚ ਆਪਣੀਆਂ ਹੋਰ ਮੀਟਿੰਗਾਂ ਕਰਦੇ ਰਹੇ ਪਰ ਉਹ ਧਰਨੇ ਵਿੱਚ ਸ਼ਾਮਲ ਨਹੀਂ ਹੋਏ।