ਐੱਸ ਆਈ ਆਰ ਦਾ ਵਿਰੋਧ ਕਰੇਗੀ ਕਾਂਗਰਸ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਬਿਹਾਰ ਦੀ ਤਰਜ਼ ’ਤੇ ਦੇਸ਼ ਦੇ ਹੋਰ ਸੂਬਿਆਂ ਵਿੱਚ ਵੋਟਰ ਸੂਚੀਆਂ ਦੀ ਕੀਤੀ ਜਾਣ ਵਾਲੀ ਵਿਸ਼ੇਸ਼ ਵਿਆਪਕ ਸੋਧ (ਐੱਸ ਆਈ ਆਰ) ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਐੱਸ ਆਈ ਆਰ ਰਾਹੀਂ ਵੋਟਰ ਸੂਚੀਆਂ ਦੀ ਸੁਧਾਈ ਨਹੀਂ ਕੀਤੀ ਜਾ ਰਹੀ ਹੈ, ਬਲਕਿ ਚੋਣ ਕਮਿਸ਼ਨ ਵੱਲੋਂ ਭਾਜਪਾ ਲਈ ਵੱਖ-ਵੱਖ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਹੋਮਵਰਕ ਕੀਤਾ ਜਾ ਰਿਹਾ ਹੈ। ਭਾਰਤ ਦੇ ਚੋਣ ਕਮਿਸ਼ਨ ਨੇ ਆਪਣੇ ਮੌਜੂਦਾ ਪੜਾਅ ਵਿੱਚ ਚੋਣਾਂ ਵਾਲੇ ਸੂਬਿਆਂ ਵਿੱਚ ਐੱਸ ਆਈ ਆਰ ਕਰਵਾਉਣ ਦਾ ਐਲਾਨ ਕੀਤਾ ਹੈ ਜਦੋਂਕਿ ਸਾਲ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਅਗਲੀ ਵਾਰੀ ਪੰਜਾਬ ਦੀ ਹੋਵੇਗੀ। ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਪੰਜਾਬ ਵਿੱਚ ਭਾਜਪਾ ਲਈ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਸ੍ਰੀ ਵੜਿੰਗ ਨੇ ਦੋਸ਼ ਲਗਾਇਆ ਕਿ ਇਹ ਭਾਜਪਾ ਲਈ ਚੋਣ ਕਮਿਸ਼ਨ ਵੱਲੋਂ ਵੋਟਾਂ ਚੋਰੀ ਕਰਨ ਦਾ ਸੰਗਠਿਤ ਤਰੀਕਾ ਹੈ। ਚੋਣ ਕਮਿਸ਼ਨ ਵੱਲੋਂ ਐੱਸ ਆਈ ਆਰ ਰਾਹੀਂ ਵੋਟਰਾਂ ਦਾ ਡੇਟਾ ਇਕੱਠਾ ਕੀਤਾ ਜਾਂਦਾ ਹੈ। ਇਸ ਪ੍ਰਕਿਰਿਆ ਵਿੱਚ ਦਲਿਤਾਂ, ਪੱਛੜੇ ਵਰਗਾਂ ਤੇ ਘੱਟ ਗਿਣਤੀਆਂ ਨੂੰ ਵੀ ਵੋਟ ਪਾਉਣ ਤੋਂ ਵਾਂਝਾ ਕਰ ਦਿੱਤਾ ਹੈ, ਜਿਨ੍ਹਾਂ ’ਤੇ ਭਾਜਪਾ ਨੂੰ ਸ਼ੱਕ ਹੈ ਕਿ ਉਹ ਉਸ ਨੂੰ ਵੋਟ ਨਹੀਂ ਪਾਉਣਗੇ। ਭਾਜਪਾ ਵੱਲੋਂ ਪੰਜਾਬ ਵਿੱਚ ਵੀ ਚੋਣ ਕਮਿਸ਼ਨ ਦੀ ਵਰਤੋਂ ਕਰ ਕੇ ਐੱਸ ਆਈ ਆਰ ਸ਼ੁਰੂ ਕੀਤਾ ਜਾਵੇਗਾ।
