ਚੰਡੀਗੜ੍ਹ (ਟਨਸ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਮੌਜੂਦਾ ਪ੍ਰਬੰਧ ਅਧੀਨ ਕਾਂਗਰਸ ਪਾਰਟੀ ਦੀ ਇੰਨੀ ਮਾੜੀ ਹਾਲਤ ਹੋ ਚੁੱਕੀ ਹੈ ਕਿ ਕੋਈ ਵਾਪਸੀ ਹੁਣ ਸੰਭਵ ਨਹੀਂ ਜਾਪਦੀ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਗੁਲਾਮ ਨਬੀ ਆਜ਼ਾਦ ਵਰਗੇ ਨੇਤਾਵਾਂ ਨੂੰ ਪਾਰਟੀ ਵਿੱਚ ਨਹੀਂ ਰੱਖ ਸਕੀ ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪਾਰਟੀ ਨਾਲ ਬਿਤਾਈ ਹੈ, ਤਾਂ ਕਾਂਗਰਸ ਦੇ ਕੰਮਕਾਜ ਅਤੇ ਤਜਰਬੇਕਾਰ ਨੇਤਾਵਾਂ ਨਾਲ ਪੇਸ਼ ਆਉਣ ਦੇ ਤਰੀਕੇ ਵਿੱਚ ਕੁਝ ਬੇਹੱਦ ਗ਼ਲਤ ਹੈ। ਉਨ੍ਹਾਂ ਕਿਹਾ ਕਿ ਇਹ ਕੁਝ ਖਾਸ ਸਵਾਰਥਾਂ ਵਾਲੇ ਲੋਕਾਂ ਦਾ ਇੱਕ ਖਾਸ ਸਮੂਹ ਹੈ, ਜਿਸ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕਰ ਦਿੱਤਾ ਹੈ।