ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਮਈ
ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਹੈ ਕਿ 26 ਜਨਵਰੀ ਦੀਆਂ ਘਟਨਾਵਾਂ ਸਬੰਧੀ ਪੁਲੀਸ ਦੀ ਚਾਰਜਸ਼ੀਟ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਜੋ ਚਾਰਜਸ਼ੀਟ ਦਾਇਰ ਕੀਤੀ ਹੈ, ਉਸ ਵਿਚ ਇਹ ਦੋਸ਼ ਲਗਾਇਆ ਗਿਆ ਹੈ ਕਿ ਕਿਸਾਨਾਂ ਨੇ 26 ਜਨਵਰੀ ਨੂੰ ਲਾਲ ਕਿਲੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਇਸ ਨੂੰ ਰੋਸ ਪ੍ਰਦਰਸ਼ਨ ਵਾਲੀ ਥਾਂ ਵਿੱਚ ਬਦਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦਾਅਵਾ ਸਚਾਈ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਦਾ ਹਿੱਸਾ ਹੈ ਕਿ ਕਿਸਾਨ ਅੰਦੋਲਨ ਦੀ ਸਾਰੀ ਸਥਾਪਿਤ ਲੀਡਰਸ਼ਿਪ ਤੇ ਇਨ੍ਹਾਂ ਦੇ ਨਾਲ ਹਜ਼ਾਰਾਂ ਰੋਸ ਵਿਖਾਵਾਕਾਰੀ ਦਿੱਲੀ ਪੁਲੀਸ ਨਾਲ ਹੋਈ ਗੱਲਬਾਤ ਵਿਚ ਤੈਅ ਹੋਏ ਰੂਟ ’ਤੇ ਹੀ ਗਏ ਸਨ, ਸਿਰਫ ਥੋੜ੍ਹੇ ਜਿਹੇ ਲੋਕ ਹੀ ਲਾਲ ਕਿਲੇ ’ਤੇ ਪਹੁੰਚੇ ਸਨ।
ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਦਿੱਲੀ ਪੁਲੀਸ ਨੇ ਸਾਰੇ ਕੇਸ ਦੀ ਪੇਸ਼ੇਵਰ ਢੰਗ ਨਾਲ ਜਾਂਚ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਚਾਰਜਸ਼ੀਟ ਦਾਇਰ ਕਰਨ ਸਮੇਂ ਜ਼ਮੀਨੀ ਹਕੀਕਤ ਦਾ ਖਿਆਲ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਹ ਚਾਰਜਸ਼ੀਟ ਸਿਆਸਤ ਤੋਂ ਪ੍ਰੇਰਿਤ ਲੱਗਦੀ ਹੈ।
ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਤੁਰੰਤ ਹਾਲਾਤਾਂ ਦਾ ਜਾਇਜ਼ਾ ਲਵੇ ਅਤੇ ਦਰੁਸਤੀ ਭਰੇ ਕਦਮ ਚੁੱਕੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦਿੱਲੀ ਪੁਲੀਸ ਵੱਲੋਂ ਦਾਇਰ ਪੱਖਪਾਤੀ ਚਾਰਜਸ਼ੀਟ ਦੇ ਕਾਰਨ ਕੋਈ ਕਿਸਾਨ ਪੀੜਤ ਨਾ ਹੋ ਜਾਵੇ।