ਪੁਲੀਸ ਦੀ ਦੁਰਵਰਤੋਂ ਦੀ ਸਾਜ਼ਿਸ਼ ਨਾਕਾਮ: ਸੁਖਬੀਰ
ਪਾਰਟੀ ਉਮੀਦਵਾਰ ਦੇ ਹੱਕ ਵਿੱਚ ਰੈਲੀ; ਪਾਰਟੀ ਵਰਕਰਾਂ ਨੂੰ ਵੋਟਾਂ ਮੌਕੇ ਨਿਗਰਾਨੀ ਰੱਖਣ ਦੀ ਅਪੀਲ
ਗੁਰਬਖ਼ਸ਼ਪੁਰੀ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਸਬਾ ਝਬਾਲ ਵਿੱਚ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨੂੰ 11 ਨਵੰਬਰ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ’ਤੇ ਨਿਗਰਾਨੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਚੋਣ ਕਮਿਸ਼ਨ ਨੇ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੁਲੀਸ ਦੀ ਦੁਰਵਰਤੋਂ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਐੱਸ ਐੱਸ ਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਲਈ ਦੇਸ਼ ਦੇ ਚੋਣ ਕਮਿਸ਼ਨਰ ਦੀ ਸ਼ਲਾਘਾ ਕੀਤੀ| ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਰੈਲੀ ਨੇ 11 ਨਵੰਬਰ ਨੂੰ ਪਾਰਟੀ ਦੀ ਜਿੱਤ ਨੂੰ ਹੋਰ ਮਜ਼ਬੂਤ ਕੀਤਾ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਹਲਕੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ‘ਆਪ’ ਲੀਡਰਸ਼ਿਪ ਦੇ ਗ਼ੈਰ-ਸੰਵਿਧਾਨਕ ਹੁਕਮ ਨਾ ਮੰਨਣ ਅਤੇ ਆਜ਼ਾਦ ਤੇ ਨਿਰਪੱਖ ਚੋਣਾਂ ਨਾ ਕਰਵਾਉਣ ’ਤੇ ਕਾਨੂੰਨ ਮੁਤਾਬਕ ਜਵਾਬਦੇਹ ਠਹਿਰਾਉਣ ਲਈ ਚਿਤਾਵਨੀ ਦਿੱਤੀ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਜਾਣਕਾਰੀ ਅਨੁਸਾਰ ਅੱਜ ਸੁਖਬੀਰ ਬਾਦਲ ਨੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਰੈਲੀ ਵਾਲੀ ਥਾਂ ਪਹੁੰਚਣ ਨੂੰ ਤਰਜੀਹ ਦਿੱਤੀ ਕਿਉਂਕਿ ਵਾਹਨਾਂ ਦੀਆਂ ਕਤਾਰਾਂ ਕਾਰਨ ਕਈ ਕਿਲੋਮੀਟਰ ਲੰਬਾ ਟਰੈਫਿਕ ਜਾਮ ਲੱਗ ਗਿਆ ਸੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਢਲ, ਗੁਰਚਰਨ ਸਿੰਘ ਗਰੇਵਾਲ, ਵੀਰ ਸਿੰਘ ਲੋਪੋਕੇ, ਜੋਧ ਸਿੰਘ ਸਮਰਾ, ਐੱਨ ਕੇ ਸ਼ਰਮਾ, ਤੇਜਿੰਦਰ ਸਿੰਘ ਮਿੱਡੂਖੇੜਾ, ਗੌਰਵ ਵਲਟੋਹਾ ਅਤੇ ਕੰਚਨਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ|

