ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 21 ਜੂਨ
ਵਿਜੀਲੈਂਸ ਵਿਭਾਗ ਨੇ ਪੰਜਾਬ ਪੁਲੀਸ ਦੇ ਇਕ ਹੌਲਦਾਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੂਚਨਾ ਅਨੁਸਾਰ ਥਾਣਾ ਸਦਰ ਫਰੀਦਕੋਟ ’ਚ ਤਾਇਨਾਤ ਹੌਲਦਾਰ ਉੱਤਮਜੀਤ ਸਿੰਘ ਨੇ ਹਰਜਿੰਦਰ ਸਿੰਘ ਵਾਸੀ ਮੁਮਾਰਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਤੋਂ 60 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਵਿਜੀਲੈਂਸ ਵਿਭਾਗ ਦੇ ਡੀ.ਐੱਸ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਹਰਜਿੰਦਰ ਸਿੰਘ, ਹੌਲਦਾਰ ਉੱਤਮਜੀਤ ਸਿੰਘ ਨੂੰ 15 ਹਜ਼ਾਰ ਰੁਪਏ ਪਹਿਲਾਂ ਦੇ ਚੁੱਕਾ ਸੀ ਅਤੇ ਬਕਾਇਆ ਪੈਸੇ ਅੱਜ ਦੇਣੇ ਸਨ। ਵਿਜੀਲੈਂਸ ਅਧਿਕਾਰੀਆਂ ਨੇ ਉੱਤਮਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ। ਵਿਜੀਲੈਂਸ ਅਧਿਕਾਰੀ ਨੇ ਕਿਹਾ ਕਿ ਇਸ ਪੁਲੀਸ ਮੁਲਾਜ਼ਮ ਦੀ ਜਾਇਦਾਦ ਦੇ ਸਰੋਤਾਂ ਦੀ ਪੜਤਾਲ ਕੀਤੀ ਜਾਵੇਗੀ।