ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 8 ਜੁਲਾਈ
ਇਥੋਂ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਯਾਤਰੀ ਨਿਵਾਸ ਦੀ ਉਸਾਰੀ ਦੀ ਸੇਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਾਰ ਸੇਵਾ ਪਟਿਆਲਾ ਦੇ ਪ੍ਰਬੰਧਕ ਸੰਤ ਅਮਰੀਕ ਸਿੰਘ ਵੱਲੋਂ ਟੱਕ ਲਗਾ ਕੇ ਸ਼ੁਰੂ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਆਉਣ ਵਾਲੇ ਦੋ ਢਾਈ ਸਾਲਾਂ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਯਾਤਰੀ ਨਿਵਾਸ ਬਣ ਕੇ ਤਿਆਰ ਹੋ ਜਾਵੇਗਾ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਚਰਨਜੀਤ ਸਿੰਘ ਕਾਲੇਵਾਲ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਹੈਪੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।