ਹਰਦੀਪ ਸਿੰਘ
ਫਤਹਿਗੜ੍ਹ ਪੰਜਤੂਰ, 6 ਜੁਲਾਈ
ਇੱਥੇ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਗਈ ਨਗਰ ਪੰਚਾਇਤ ਦੀ ਲਗਪਗ ਸਾਢੇ ਤਿੰਨ ਏਕੜ ਜ਼ਮੀਨ ਨੂੰ ਵਾਅਦੇ ਮੁਤਾਬਕ ਖੇਡ ਮੈਦਾਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ ਦੀ ਟੀਮ ਵੱਲੋਂ ਦਿਨ ਰਾਤ ਮਿਹਨਤ ਤੋਂ ਬਾਅਦ ਇਹ ਖੇਡ ਮੈਦਾਨ ਬਣ ਕੇ ਤਿਆਰ ਹੋਇਆ ਹੈ। ਧਰਮਕੋਟ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਆਪਣੀ ਚੋਣ ਮੁਹਿੰਮ ਦੌਰਾਨ ਇੱਥੇ ਖਿਡਾਰੀਆਂ ਲਈ ਆਧੁਨਿਕ ਖੇਡ ਸਟੇਡੀਅਮ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ। ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ ਉਕਤ ਨਜਾਇਜ਼ ਕਬਜ਼ੇ ਵਾਲੀ ਜ਼ਮੀਨ ਨੂੰ ਖੇਡ ਸਟੇਡੀਅਮ ਵਿੱਚ ਬਦਲਣ ਲਈ ਨਿਸ਼ਾਨਦੇਹੀ ਕੀਤੀ ਗਈ ਸੀ। ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਾ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਸੌਂਪ ਦਿੱਤੀ ਗਈ ਸੀ। ‘ਆਪ’ ਦੇ ਸਰਕਲ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੰਬੋਜ ਨੇ ਆਪਣੀ ਟੀਮ ਨੂੰ ਨਾਲ ਲੈ ਕੇ ਦਿਨ ਰਾਤ ਦੀ ਸਖਤ ਮਿਹਨਤ ਤੋਂ ਬਾਅਦ ਇੱਥੇ ਖੇਡ ਗਰਾਊਂਡ ਤਿਆਰ ਕਰ ਦਿੱਤਾ ਹੈ। ‘ਆਪ’ ਆਗੂ ਕੰਬੋਜ ਨੇ ਦੱਸਿਆ ਕਿ ਇਸ ਖੇਡ ਗਰਾਊਂਡ ਦੀ ਚਾਰਦੀਵਾਰੀ ਤੋਂ ਇਲਾਵਾ ਬਾਕੀ ਤਿਆਰੀ ਵੀ ਜਲਦੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜਗ੍ਹਾ ਉੱਪਰ ਖੇਡ ਸਟੇਡੀਅਮ ਬਣਾਉਣ ਦੀ ਤਜਵੀਜ਼ ਸਰਕਾਰ ਨੂੰ ਭੇਜ ਦਿੱਤੀ ਗਈ ਹੈੇ।