ਪੰਜਾਬ ਦੇ 3,073 ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਸ਼ੁਰੂ
ਪੰਜਾਬ ਸਰਕਾਰ ਨੇ ਸੂਬੇ ਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਦੇ ਯੋਗ ਬਣਾਉਣ ਲਈ ਸੂਬੇ ਦੇ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚੋਂ 3,073 ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨੂੰ ਜਲਦ ਹੀ ਨੇਪਰੇ ਚਾੜ੍ਹ ਦਿੱਤਾ ਜਾਵੇਗਾ।
ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੂਜੇ ਪੜਾਅ ਵਿੱਚ ਹੋਰਨਾਂ ਚਾਰ ਹਜ਼ਾਰ ਦੇ ਕਰੀਬ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣੇ ਸ਼ੁਰੂ ਕੀਤੇ ਜਾਣਗੇ। ਸ੍ਰੀ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ। ਖੇਡ ਮੈਦਾਨਾਂ ਦੇ ਕਾਰਜਸ਼ੀਲ ਹੋਣ ਤੋਂ ਬਾਅਦ ਨੌਜਵਾਨ ਨਸ਼ਿਆਂ ਦਾ ਸਦਾ ਲਈ ਤਿਆਗ ਕਰਕੇ ਖੇਡਾਂ ਨਾਲ ਜੁੜਨਗੇ। ਨੌਜਵਾਨਾਂ ਦੀ ਦਿਲਚਸਪੀ ਖੇਡਾਂ ਵਿੱਚ ਜਾਗੇਗੀ ਅਤੇ ਉਹ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਆਪ ਮੁਹਾਰੇ ਹੀ ਦੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੁਰਾਣੇ ਸਮੇਂ ਤੋਂ ਵੱਖ-ਵੱਖ ਖੇਡਾਂ ਦੀਆਂ ਦੇਸ਼ ਪੱਧਰੀ ਟੀਮਾਂ ਵਿੱਚ ਪੰਜਾਬ ਦੇ ਖਿਡਾਰੀ ਵੱਡੀ ਗਿਣਤੀ ਵਿੱਚ ਰਹੇ ਹਨ। ਹੁਣ ਵੀ ਹਾਕੀ ਦੀ ਟੀਮ ਵਿੱਚ ਪੰਜਾਬ ਦੇ ਖਿਡਾਰੀ ਦੇਸ਼ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।