ਪੱਤਰ ਪ੍ਰੇਰਕ
ਐੱਸਏਐੱਸ. ਨਗਰ (ਮੁਹਾਲੀ), 21 ਜਨਵਰੀ
ਇੱਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਵੀਰਵਾਰ ਨੂੰ ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ ਸਬੰਧੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਅਦਾਲਤੀ ਰਿਕਾਰਡ ਵਿੱਚ ਜਮ੍ਹਾਂ ਕੇਸ ਫਾਈਲ ਅਤੇ ਹੋਰ ਅਹਿਮ ਦਸਤਾਵੇਜ਼ ਸੌਂਪਦਿਆਂ ਸੀਬੀਆਈ ਨੂੰ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਿੰਨੀ ਛੇਤੀ ਹੋ ਸਕੇ ਕੇਸ ਫਾਈਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਪੰਜਾਬ ਪੁਲੀਸ ਦੀ ‘ਸਿਟ’ ਦੇ ਸਪੁਰਦ ਕੀਤੇ ਜਾਣ। ਬੇਅਦਬੀ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸੰਯੁਕਤ ਡਾਇਰੈਕਟਰ ਪ੍ਰਾਸੀਕਿਊਸ਼ਨ (ਕਰਾਈਮ) ਰਾਜੇਸ਼ ਸਲਵਾਨ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ, ਡਾਇਰੈਕਟਰ ਬਿਊਰੋ ਆਫ਼ ਇਨਵੈਸ਼ਟੀਗੇਸ਼ਨ ਦੇ ਏਆਈਜੀ ਸਰਬਜੀਤ ਸਿੰਘ ਸਮੇਤ ਸੀਬੀਆਈ ਦੇ ਜਾਂਚ ਅਧਿਕਾਰੀ ਵੱਲੋਂ ਇੰਸਪੈਕਟਰ ਸੁਨੀਲ ਕੁਮਾਰ ਸਰਕਾਰੀ ਪੱਤਰ ਲੈ ਕੇ ਪੇਸ਼ ਹੋਏ। ਸੁਣਵਾਈ ਦੌਰਾਨ ਕੋਈ ਸ਼ਿਕਾਇਤਕਰਤਾ ਜਾਂ ਉਨ੍ਹਾਂ ਦੇ ਵਕੀਲ ਪੇਸ਼ ਨਹੀਂ ਹੋਏ। ਉਂਜ ਸ਼ਿਕਾਇਤ ਕਰਤਾਵਾਂ ਦੇ ਵਕੀਲ ਨੇ ਆਪਣਾ ਇਕ ਨੁਮਾਇੰਦਾ ਜ਼ਰੂਰ ਭੇਜਿਆ ਸੀ। ਕਾਰਵਾਈ ਨੂੰ ਸਮੇਟਣ ਲਈ ਅੱਜ ਅਦਾਲਤ ਨੇ ਸਾਰੀਆਂ ਧਿਰਾਂ ਨੂੰ ਪੇਸ਼ ਹੋਣ ਲਈ ਤਿੰਨ ਵਾਰ ਸਮਾਂ ਦਿੱਤਾ ਸੀ। ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਅਦਾਲਤ ਨੇ ਸੀਬੀਆਈ ਨੂੰ ਕੇਸ ਫਾਈਲ ਅਤੇ ਦਸਤਾਵੇਜ਼ ਦੇਣ ਦੇ ਹੁਕਮ ਦਿੱਤੇ ਗਏ। ਇਹ ਕੇਸ ਫਾਈਲ ਅਤੇ ਦਸਤਾਵੇਜ਼ ਹੁਣ ਸੀਬੀਆਈ ਵੱਲੋਂ ਪੰਜਾਬ ਪੁਲੀਸ ਦੀ ‘ਸਿਟ’ ਨੂੰ ਸੌਂਪੇ ਜਾਣਗੇ। ਸੁਣਵਾਈ ਦੌਰਾਨ ਸੀਬੀਆਈ ਦੇ ਇੰਸਪੈਕਟਰ ਸੁਨੀਲ ਕੁਮਾਰ ਦੇ ਬਿਆਨ ਦਰਜ ਕੀਤੇ ਗਏ। ਬਹਿਸ ਵਿੱਚ ਹਿੱਸਾ ਲੈਂਦਿਆਂ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਅਪੀਲ ਕੀਤੀ ਕਿ ਸੀਬੀਆਈ ਨੂੰ ਦਿੱਤੀ ਜਾਣ ਵਾਲੀ ਕੇਸ ਫਾਈਲ ਅਤੇ ਹੋਰ ਅਹਿਮ ਦਸਤਾਵੇਜ਼ਾਂ ਦੀ ਇਕ ਫੋਟੋ ਕਾਪੀ ਅਦਾਲਤ ਦੇ ਰਿਕਾਰਡ ਰੂਮ ਵਿੱਚ ਸੰਭਾਲ ਕੇ ਰੱਖੀ ਜਾਵੇ। ਸਰਕਾਰੀ ਵਕੀਲ ਦੀ ਇਹ ਅਪੀਲ ਅਦਾਲਤ ਨੇ ਮਨਜ਼ੂਰ ਕਰਦਿਆਂ ਸਟਾਫ਼ ਨੂੰ ਆਦੇਸ਼ ਦਿੱਤੇ ਕਿ ਸੀਬੀਆਈ ਨੂੰ ਦਿੱਤੇ ਜਾਣ ਵਾਲੇ ਦਸਤਾਵੇਜ਼ਾਂ ਦੀ ਕਾਪੀ ਰਿਕਾਰਡ ਰੂਮ ਵਿੱਚ ਸਾਂਭ ਕੇ ਰੱਖੀ ਜਾਵੇ। ਸੀਬੀਆਈ ਦੇ ਵਕੀਲ ਦਾ ਕਹਿਣਾ ਹੈ ਕਿ ਕੇਸ ਫਾਈਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਸੀਬੀਆਈ ਦੇ ਮੁੱਖ ਦਫ਼ਤਰ ਨਵੀਂ ਦਿੱਲੀ ਵਿੱਚ ਹਨ।
ਕੁਝ ਦਸਤਾਵੇਜ਼ ਅਦਾਲਤ ਵਿੱਚ ਹਨ। ਸਾਰੇ ਦਸਤਾਵੇਜ਼ ਇਕੱਠੇ ਕਰਕੇ ਫਾਈਲ ਤਿਆਰ ਕੀਤੀ ਜਾਵੇਗੀ ਅਤੇ ਪੰਜਾਬ ਪੁਲੀਸ ਦੇ ਜਾਂਚ ਅਧਿਕਾਰੀ ਨੂੰ ਦਿੱਲੀ ਸੱਦ ਕੇ ਪੂਰੀ ਫਾਈਲ ਸੌਂਪੀ ਜਾਵੇਗੀ। ਵੈਸੇ ਵੀ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਸੀਬੀਆਈ ਕੋਲ ਕੇਸ ਫਾਈਲ ਤੇ ਹੋਰ ਸਬੰਧਤ ਦਸਤਾਵੇਜ਼ ਪੰਜਾਬ ਪੁਲੀਸ ਨੂੰ ਵਾਪਸ ਕਰਨ ਲਈ 3 ਫਰਵਰੀ ਤੱਕ ਦਾ ਸਮਾਂ ਹੈ।