ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਮਈ
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਜਮਾਤ ਨੂੰ ਇਤਿਹਾਸ ਦੀ ਵਿਵਾਦਿਤ ਪੁਸਤਕ ਪੜ੍ਹਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਹੋਣ ਕਾਰਨ ਲੋਕਾਂ ਵਿੱਚ ਰੋਹ ਭਖਦਾ ਜਾ ਰਿਹਾ ਹੈ। ਉਧਰ, ‘ਇਤਿਹਾਸ ਬਚਾਓ-ਸਿੱਖੀ ਬਚਾਓ’ ਮੋਰਚਾ ਤਹਿਤ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 87ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਲੇਖਕਾਂ ਅਤੇ ਪਬਲਿਸ਼ਰਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਦੇ ਆਦੇਸ਼ ਦਿੱਤੇ ਸਨ ਪਰ ਇਸ ਸਬੰਧੀ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਜਥੇਦਾਰ ਸਿਰਸਾ ਨੇ ਪੰਜਾਬ ਸਰਕਾਰ ਅਤੇ ਪੁਲੀਸ ਨੂੰ 15 ਮਈ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇ ਇਸ ਦੌਰਾਨ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਨਾ ਕੀਤਾ ਗਿਆ ਤਾਂ 16 ਮਈ ਨੂੰ ਦਫ਼ਤਰ ਖੁੱਲ੍ਹਣ ਤੋਂ ਪਹਿਲਾਂ ਹੀ ਸਵੇਰੇ 8 ਵਜੇ ਸਿੱਖਿਆ ਬੋਰਡ ਦੇ ਸਾਰੇ ਗੇਟਾਂ ਦੀ ਤਾਲਾਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਕਾਰਨ ਉਹ ਅਜਿਹਾ ਕੋਈ ਕਦਮ ਨਹੀਂ ਚੁੱਕਣਾ ਚਾਹੁੰਦੇ ਸਨ ਪਰ ਸਰਕਾਰ ਨੇ ਉਨ੍ਹਾਂ ਨੂੰ ਸੰਘਰਸ਼ ਤਿੱਖਾ ਕਰਨ ਲਈ ਮਜਬੂਰ ਕਰ ਦਿੱਤਾ ਹੈ। ਜਥੇਦਾਰ ਸਿਰਸਾ ਨੇ ਦੱਸਿਆ ਕਿ ਭਾਵੇਂ ਅੱਜ ਪੜਤਾਲੀਆ ਅਫ਼ਸਰ ਨੇ ਪ੍ਰਕਾਸ਼ਕਾਂ ਅਤੇ ਲੇਖਕਾਂ ਨੂੰ ਤਲਬ ਕੀਤਾ ਸੀ ਪਰ ਸ਼ਾਮ ਤੱਕ ਕੋਈ ਵਧੀਆ ਕਾਰਗੁਜ਼ਾਰੀ ਨਜ਼ਰ ਨਹੀਂ ਆਈ, ਜਿਸ ਦੇ ਮੱਦੇਨਜ਼ਰ ਕਿਸਾਨ ਸੰਗਠਨਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਸਮੇਤ ਸਮੂਹ ਇਨਸਾਫ਼ ਪਸੰਦ ਲੋਕਾਂ ਦੀ ਸਹਿਮਤੀ ਨਾਲ ਸੰਘਰਸ਼ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।