ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 22 ਫਰਵਰੀ
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਵਾਦਤ ਇਤਿਹਾਸ ਦੀ ਕਿਤਾਬ ਪੜ੍ਹਾਉਣ ਦਾ ਮਾਮਲਾ ਠੱਲ੍ਹਣ ਦਾ ਨਾਮ ਨਹੀਂ ਲੈ ਰਿਹਾ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਸਣੇ ਸਿੱਖ ਜਥੇਬੰਦੀਆਂ ਅਤੇ ਹੋਰਾਂ ਸਮਾਜ ਸੇਵੀ ਸੰਸਥਾਵਾਂ ਦੇ ਕਾਰਕੁਨਾਂ ਵੱਲੋਂ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 16ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਤੇਜ਼ ਕਰਦਿਆਂ 28 ਫਰਵਰੀ ਨੂੰ ਵਿਸ਼ਾਲ ਰੈਲੀ ਕੀਤੀ ਜਾਵੇਗੀ। ਅੱਜ ਧਰਨੇ ਵਿੱਚ ਉੱਘੇ ਸਮਾਜ ਸੇਵਕ ਡਾ. ਪਿਆਰੇ ਲਾਲ ਗਰਗ ਨੇ ਸ਼ਮੂਲੀਅਤ ਕਰਕੇ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ਆਪਣੇ ਵਿਚਾਰ ਇਤਿਹਾਸਕ ਗੁਰਬਾਣੀ ਤੱਥਾਂ ਸਮੇਤ ਪ੍ਰਗਟ ਕੀਤੇ।
ਇਸ ਮੌਕੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਵਿਵਾਦਤ ਕਿਤਾਬ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਮੁਹਾਲੀ ਪੁਲੀਸ ਨੂੰ ਕਈ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਹੁਣ ਤੱਕ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਕਤ ਕਿਤਾਬ ਵਿੱਚ ਗੁਰੂ ਸਾਹਿਬਾਨਾਂ ਬਾਰੇ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਹ ਕਿਤਾਬ ਧੜੱਲੇ ਨਾਲ ਮਾਰਕੀਟ ’ਚ ਵਿਕ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਤਿਹਾਸ ਦੀ ਇਸ ਵਿਵਾਦਤ ਕਿਤਾਬ ’ਚੋਂ ਇਤਰਾਜ਼ਯੋਗ ਤੱਥ ਹਟਾਏ ਜਾਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਬਲਬੀਰ ਸਿੰਘ, ਦਰਸ਼ਨ ਸਿੰਘ, ਸੇਵਾ ਸਿੰਘ, ਸੁਖਦੇਵ ਸਿੰਘ ਗੋਗੀ ਝੱਲੀਆਂ ਕਲਾ ਆਦਿ ਹਾਜ਼ਰ ਸਨ।