ਦਰਸ਼ਨ ਸਿੰਘ ਸੋਢੀ
ਮੁਹਾਲੀ, 2 ਜੂਨ
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਪੜ੍ਹਾਈਆਂ ਜਾਣ ਵਾਲੀਆਂ ਪਾਬੰਦੀਸ਼ੁਦਾ ਇਤਿਹਾਸ ਦੀਆਂ ਵਿਵਾਦਤ ਪੁਸਤਕਾਂ ਦੇ ਮਾਮਲੇ ਵਿੱਚ ਚਾਰ ਮਹੀਨੇ ਤੋਂ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ ਮੁਲਤਵੀ ਕਰ ਦਿੱਤਾ ਗਿਆ। ਇਤਿਹਾਸ ਬਚਾਓ-ਸਿੱਖੀ ਬਚਾਓ ਮੋਰਚਾ ਤਹਿਤ ਸਿੱਖਿਆ ਬੋਰਡ ਦੇ ਬਾਹਰ ਜਥੇਦਾਰ ਸਿਰਸਾ, ਉਨ੍ਹਾਂ ਦੇ ਸਮਰਥਕ ਅਤੇ ਪੰਥ ਹਿਤੈਸ਼ੀ ਧਰਨੇ ਉੱਤੇ ਬੈਠੇ ਸਨ। ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਧਰਨੇ ਵਾਲੀ ਥਾਂ ‘ਤੇ ਪਹੁੰਚੇ ਅਤੇ ਇਨਸਾਫ਼ ਦਾ ਭਰੋਸਾ ਦਿੰਦੇ ਹੋਏ ਧਰਨਾ ਖਤਮ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਿੰਨ ਲੇਖਕਾਂ ਖਿਲਾਫ਼ ਐੱਫਆਈਆਰ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੋ ਕੋਈ ਵੀ ਕਸੂਰਵਾਰ ਪਾਇਆ ਗਿਆ, ਉਸ ਨੂੰ ਵੀ ਪਰਚੇ ਵਿੱਚ ਨਾਮਜ਼ਦ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੰਧਵਾਂ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਬੋਰਡ ਦੇ ਸੰਯੁਕਤ ਸਕੱਤਰ ਜੇਆਰ ਮਹਿਰੋਕ ਵੀ ਮੌਜੂਦ ਸਨ। ਧਰਨੇ ਨੂੰ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਮੀਤ ਪ੍ਧਾਨ ਮੇਹਰ ਸਿੰਘ ਥੇੜੀ, ਗੁਰਨਾਮ ਸਿੰਘ ਸਿੱਧੂ, ਗੁਰਜੀਤ ਕੌਰ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ।