ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 1 ਮਾਰਚ
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਦੀ ਵਿਵਾਦਤ ਕਿਤਾਬ ਪੜ੍ਹਾਉਣ ਵਿਰੁੱਧ ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਧਰਨਾ ਅੱਜ ਵੀ ਜਾਰੀ ਰਿਹਾ।
ਉਧਰ, ਸਿੱਖਿਆ ਮੰਤਰੀ ਪਰਗਟ ਸਿੰਘ ਅੱਜ ਧਰਨੇ ਵਿੱਚ ਪੁੱਜੇ। ਉਨ੍ਹਾਂ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਬਾਰੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਵਾਦਤ ਕਿਤਾਬ ਦੇ ਪੰਨੇ ਫਰੋਲੇ ਅਤੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਵਿਵਾਦਤ ਕਿਤਾਬਾਂ ਨੂੰ ਜ਼ਬਤ ਕੀਤਾ ਜਾਵੇਗਾ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵਿਦਿਆਰਥੀਆਂ ਤਕ ਸਹੀ ਪਾਠਕ੍ਰਮ ਪੁੱਜਦਾ ਕੀਤਾ ਜਾਵੇਗਾ ਅਤੇ ਕਿਤਾਬ ਛਾਪਣ ਤੋਂ ਪਹਿਲਾਂ ਉਸ ਦੀ ਘੋਖ ਕੀਤੀ ਜਾਵੇਗੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਕੋਲੋਂ ਮੰਗ ਪੱਤਰ ਵੀ ਹਾਸਲ ਕੀਤਾ।
ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਗਲਤ ਇਤਿਹਾਸ ਪੜ੍ਹਾਇਆ ਜਾਵੇਗਾ ਤਾਂ ਫਿਰ ਉਨ੍ਹਾਂ ਤੋਂ ਚੰਗੇ ਭਵਿੱਖ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਾਧਾਰਨ ਮੁਆਫ਼ੀ ਦੇ ਯੋਗ ਨਹੀਂ ਹੈ, ਬਲਕਿ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਵਿਵਾਦਤ ਪੁਸਤਕ ’ਤੇ ਸਾਲ 2007 ’ਚ ਲਾਈ ਸੀ ਪਾਬੰਦੀ: ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਆਖਿਆ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੁਸਤਕ, ਜਿਸ ਵਿਚ ਸਿੱਖ ਇਤਿਹਾਸ ਨੂੰ ਗਲਤ ਰੰਗਤ ਦੇ ਕੇ ਪੇਸ਼ ਕੀਤਾ ਗਿਆ ਹੈ, ਵਿਰੁੱਧ ਧਰਨਾ ਲਾਉਣ ਵਾਲੇ ਬਲਦੇਵ ਸਿੰਘ ਸਿਰਸਾ ਸ਼੍ਰੋਮਣੀ ਕਮੇਟੀ ਨੂੰ ਜਾਣ ਬੁੱਝ ਕੇ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਅਸਲ ਮਾਮਲੇ ਤੋਂ ਹਟ ਕੇ ਸ਼੍ਰੋਮਣੀ ਕਮੇਟੀ ਦੀ 1999 ਵਿਚ ਛਾਪੀ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਤੂਲ ਦੇ ਰਹੇ ਹਨ, ਜਦੋਂਕਿ ਸਚਾਈ ਇਹ ਹੈ ਕਿ ਇਸ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿਚ ਕੁਝ ਇਤਰਾਜ਼ਯੋਗ ਤੱਥ ਸਨ ਅਤੇ ਇਸ ਬਾਰੇ ਸੰਗਤਾਂ ਦੇ ਇਤਰਾਜ਼ ਆਉਣ ਤੋਂ ਬਾਅਦ ਇਸ ’ਤੇ ਪਾਬੰਦੀ ਲਾ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਪੱਸ਼ਟ ਕੀਤਾ ਕਿ 23 ਨਵੰਬਰ 2007 ਨੂੰ ਜਨਰਲ ਇਜਲਾਸ ਦੌਰਾਨ ਇਕ ਵਿਸ਼ੇਸ਼ ਮਤਾ ਪਾਸ ਕਰਕੇ ਇਸ ਕਿਤਾਬ ’ਤੇ ਪਾਬੰਦੀ ਲਾਉਂਦਿਆਂ ਇਸ ਦੀਆਂ ਛਪੀਆਂ ਕਾਪੀਆਂ ਵਾਪਸ ਲੈ ਲਈਆਂ ਗਈਆਂ ਸਨ। ਇਹ ਪੁਸਤਕ ਜੇ.ਡੀ. ਕਨਿੰਘਮ ਦੀ ਅੰਗਰੇਜ਼ੀ ਪੁਸਤਕ ‘ ਦਿ ਹਿਸਟਰੀ ਆਫ ਸਿੱਖਜ਼’ ਦਾ ਹਿੰਦੀ ਅਨੁਵਾਦ ਸੀ।