ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 2 ਮਾਰਚ
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਵਾਦਿਤ ਇਤਿਹਾਸ ਦੀ ਕਿਤਾਬ ਪੜ੍ਹਾਉਣ ਦਾ ਮਾਮਲਾ ਭਖ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਧਰਨਾ ਜਾਰੀ ਹੈ। ਉਧਰ, ਇਸ ਸਬੰਧੀ ਆਈਪੀਐਸ ਮਲਹੋਤਰਾ ਨੇ ਆਪਣੀ ਪੜਤਾਲ ਤੇਜ਼ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਅੱਜ ਜਾਂਚ ਅਧਿਕਾਰੀ ਨੇ ਇਤਿਹਾਸ ਦੀ ਵਿਵਾਦਿਤ ਕਿਤਾਬ ਛਾਪਣ ਅਤੇ ਪ੍ਰਵਾਨਗੀ ਦੇਣ ਤੋਂ ਲੈ ਕੇ ਪ੍ਰਕਾਸ਼ਿਤ ਕਰਨ ਤੱਕ ਆਦਿ ਸਬੰਧਿਤ ਅਧਿਕਾਰੀਆਂ ਤੇ ਵਿਅਕਤੀਆਂ ਨੂੰ ਸੱਦ ਕੇ ਬਿਆਨ ਕਲਮਬੰਦ ਕੀਤੇ ਹਨ। ਇਸ ਕਾਰਵਾਈ ਦੀ ਵੀਡੀਓਗਰਾਫ਼ੀ ਵੀ ਕੀਤੀ ਗਈ। ਸ਼ਿਕਾਇਤਕਰਤਾ ਜਥੇਦਾਰ ਬਲਦੇਵ ਸਿੰਘ ਸਿਰਸਾ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਪੜਤਾਲੀਆ ਅਫ਼ਸਰ ਤੋਂ ਪੰਜ ਮਾਰਚ ਤੱਕ ਮੁਕੰਮਲ ਜਾਂਚ ਰਿਪੋਰਟ ਮੰਗੀ ਗਈ ਹੈ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਬਿਆਨ ਦਰਜ ਕੀਤੇ ਜਾ ਰਹੇ ਸਨ ਪਰ ਇਸ ਸਬੰਧੀ ਕੋਈ ਵੀ ਬੋਰਡ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਹੋਇਆ। ਇਸ ਮੌਕੇ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਨੇ ਸਕੂਲ ਬੋਰਡ ਦੇ ਚੇਅਰਮੈਨ ਅਤੇ ਹੋਰਨਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਤੇਜ਼ ਹੋਣ ਨਾਲ ਸੰਗਤ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਜੇ ਪੰਜ ਮਾਰਚ ਨੂੰ ਜ਼ਿੰਮੇਵਾਰ ਅਧਿਕਾਰੀਆਂ, ਪ੍ਰਕਾਸ਼ਕਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਤੇਜ਼ ਕਰਨ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ ਤੇ ਗੁਪਤ ਐਕਸ਼ਨ ਵੀ ਕੀਤੇ ਜਾਣਗੇ।