ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਅਪਰੈਲ
ਪੰਜਾਬ ਦੇ ਸਕੂਲਾਂ ਵਿੱਚ ਇਤਿਹਾਸ ਦੀ ਵਿਵਾਦਤ ਕਿਤਾਬ ਪੜ੍ਹਾਉਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 63ਵੇਂ ਦਿਨ ਵੀ ਜਾਰੀ ਰਿਹਾ। ਅੱਜ ਜਥੇਦਾਰ ਸਿਰਸਾ ਦੀ ਅਗਵਾਈ ਹੇਠ ਵੱਖ-ਵੱਖ ਆਗੂਆਂ ਨੇ ਸੂਬੇ ਦੇ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਅਤੇ ਸਿੱਖ ਇਤਹਾਸ ਨੂੰ ਮੋੜ-ਮਰੋੜ ਕੇ ਪੜ੍ਹਾਇਆ ਜਾ ਰਿਹਾ ਹੈ, ਜਿਸ ਦਾ ਬੱਚਿਆਂ ’ਤੇ ਕਾਫ਼ੀ ਬੁਰਾ ਪ੍ਰਭਾਵ ਪੈ ਰਿਹਾ ਹੈ।
ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਇਹ ਕਿਤਾਬਾਂ ਵੱਖ-ਵੱਖ ਲੇਖਕਾਂ ਵੱਲੋਂ ਲਿਖੀਆਂ ਗਈਆਂ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਇਹ ਵਿਵਾਦਤ ਕਿਤਾਬ ਦੀ ਪ੍ਰਵਾਨਗੀ ਦਿੱਤੀ ਗਈ ਹੈ। ਜਥੇਦਾਰ ਸਿਰਸਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਬਹੁਤ ਹੀ ਸੁਚੱਜੇ ਤਰੀਕੇ ਨਾਲ ਉਨ੍ਹਾਂ ਦੀ ਸਾਰੀ ਗੱਲ ਸੁਣੀ ਅਤੇ ਇਕ ਹਫ਼ਤੇ ਦੇ ਅੰਦਰ-ਅੰਦਰ ਇਸ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਜਥੇਦਾਰ ਸਿਰਸਾ ਨੇ ਕਿਹਾ ਕਿ ਜਦੋਂ ਤੱਕ ਜ਼ਿੰਮੇਵਾਰ ਅਫ਼ਸਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਇਤਿਹਾਸ ਦੀਆਂ ਕਿਤਾਬਾਂ ਵਿੱਚ ਸੋਧ ਨਹੀਂ ਕੀਤੀ ਜਾਂਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ।