ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਮਈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਥੇ ਕਰਵਾਈ ਗਈ ਜਮਹੂਰੀਅਤ ਬਹਾਲੀ ਕਨਵੈਨਸ਼ਨ ਵਿੱਚ ਕੇਂਦਰ ਦੀ ਮੋਦੀ ਸਰਕਾਰ ’ਤੇ ਸਿੱਖਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਦੀਆਂ ਚੋਣਾਂ ਤਾਂ ਨਿਰਧਾਰਤ ਪੰਜ ਸਾਲਾਂ ਬਾਅਦ ਕਰਵਾਈਆਂ ਜਾਂਦੀਆਂ ਹਨ ਪਰ ਸਿੱਖਾਂ ਦੀ ਸੰਸਦ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਪਿਛਲੇ ਕਈ ਸਾਲਾਂ ਤੋਂ ਲਟਕੀਆਂ ਹੋਈਆਂ ਹਨ।
ਇਥੇ ਸਿਟੀ ਸੈਂਟਰ ਵਿਖੇ ਗੁਰੂ ਨਾਨਕ ਭਵਨ ਵਿੱਚ ਕਰਵਾਈ ਗਈ ਜਮਹੂਰੀਅਤ ਬਹਾਲੀ ਕਨਵੈਨਸ਼ਨ ਵਿੱਚ ਮਾਨ ਦਲ ਤੋਂ ਇਲਾਵਾ ਕਈ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਬੁਲਾਰਿਆਂ ਨੇ ਸਿੱਖਾਂ ਨਾਲ ਜੁੜੇ ਵੱਖ ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਮਾਨ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 11 ਸਾਲ ਪਹਿਲਾਂ ਹੋਈਆਂ ਸਨ ਅਤੇ ਨਿਰਧਾਰਤ ਸਮਾਂ ਲੰਘ ਜਾਣ ਮਗਰੋਂ ਵੀ ਸਰਕਾਰਾਂ ਵੱਲੋਂ ਇਹ ਚੋਣਾਂ ਕਰਾਉਣ ਲਈ ਕੋਈ ਯਤਨ ਨਹੀਂ ਕੀਤਾ ਜਾ ਰਿਹਾ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ’ਤੇ ਸਿੱਖਾਂ ਨੂੰ ਬਦਨਾਮ ਕਰਨ ਅਤੇ ਸਿੱਖਾਂ ਪ੍ਰਤੀ ਤੰਗਦਿਲੀ ਦਾ ਵਤੀਰਾ ਅਪਣਾਉਣ ਦਾ ਦੋਸ਼ ਲਾਇਆ। ਉਨ੍ਹਾਂ 15 ਸਤੰਬਰ ਨੂੰ ਵਿਸ਼ਵ ਜਮਹੂਰੀਅਤ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਵਿੱਚ ਇਕੱਠ ਕਰਨ ਦਾ ਐਲਾਨ ਕੀਤਾ।
ਉਨ੍ਹਾਂ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਸਿੱਖ ਸੰਗਤ ਨੂੰ ਵੱਡੀ ਗਿਣਤੀ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਪੁੱਜਣ ਦਾ ਸੱਦਾ ਦਿੱਤਾ। ਇਸ ਰੈਲੀ ਨੂੰ ਸਿੱਖ ਆਗੂ ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਡਾ. ਕਸ਼ਮੀਰ ਸਿੰਘ, ਬਾਬਾ ਲਹਿਣਾ ਸਿੰਘ, ਦਿਲਬਾਗ ਸਿੰਘ, ਕੁਲਵੰਤ ਸਿੰਘ, ਸੁਖਜਿੰਦਰ ਸਿੰਘ, ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਬੋਧਨ ਕੀਤਾ। ਕਨਵੈਨਸ਼ਨ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲੱਗੇ।