ਮਹਿੰਦਰ ਕੌਰ ਮੰਨੂ
ਸੰਗਰੂਰ, 21 ਮਈ
ਕਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ 25 ਬੈੱਡ ਦਾ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ ਹੈ। ਗੁਰਦੁਆਰੇ ਦੇ ਬੇਬੇ ਨਾਨਕੀ ਨਿਵਾਸ ਵਿਚ ਬਣਾਏ ਗਏ ਇਸ ਮੈਡੀਕਲ ਕੇਂਦਰ ਵਿਚ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰ ਅਤੇ ਨਰਸਿੰਗ ਸਟਾਫ਼ ਵੱਲੋਂ ਕਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਕੇਂਦਰ ਦਾ ਉਦਘਾਟਨ ਕੀਤਾ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਰੂਰ ਤੋਂ ਪਹਿਲਾਂ ਪੰਜਾਬ ਵਿੱਚ ਚਾਰ ਥਾਵਾਂ ’ਤੇ ਕਰੋਨਾ ਕੇਅਰ ਕੇਂਦਰ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ’ਚੋਂ ਪੰਜ ਸੌ ਤੋਂ ਵੱਧ ਮਰੀਜ਼ ਤੰਦਰੁਸਤ ਹੋ ਚੁੱਕੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕਰੋਨਾਕਾਲ ਦੌਰਾਨ ਜਦੋਂ ਸਰਕਾਰਾਂ ਦੇ ਪ੍ਰਬੰਧ ਘੱਟ ਪੈ ਗਏ ਗਏ ਹਨ ਤਾਂ ਸ਼੍ਰੋਮਣੀ ਕਮੇਟੀ ਦਾ ਅੱਗੇ ਆਉਣਾ ਪੰਜਾਬ ਦੇ ਲੋਕਾਂ ਲਈ ਧਰਵਾਸ ਵਾਂਗ ਹੈ| ‘ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ’ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਹੈ। ਅਕਾਲੀ ਦਲ ਵੱਲੋਂ ਵੀ ਸ਼੍ਰੋਮਣੀ ਕਮੇਟੀ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਸੁਖਬੀਰ ਬਾਦਲ ਦੇ ਵਿਰੋਧ ਦੇ ਡਰੋਂ ਸਿੱਖ ਕਾਰਕੁਨ ਪੁਲੀਸ ਨੇ ਹਿਰਾਸਤ ’ਚ ਲਏ
ਸੰਗਰੂਰ (ਗੁਰਦੀਪ ਸਿੰਘ ਲਾਲੀ): ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਐੱਸਜੀਪੀਸੀ ਵੱਲੋਂ ਕਰੋਨਾ ਪੀੜਤਾਂ ਲਈ ਕੇਅਰ ਸੈਂਟਰ ਬਣਾਉਣ ਦੀ ਜਿਥੇ ਸ਼ਲਾਘਾ ਕੀਤੀ ਹੈ, ਉਥੇ ਗੁਰੂ ਦੀ ਗੋਲਕ ਦੇ ਪੈਸੇ ’ਤੇ ਰਾਜਨੀਤੀ ਕਰਕੇ ਆਪਣਾ ਨਾਮ ਚਮਕਾਉਣ ਵਾਲੇ ਸਿਆਸੀ ਆਗੂਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੌਰਾਨ ਪੁਲੀਸ ਨੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਨ ਦੇ ਡਰੋਂ ਹਿਰਾਸਤ ਵਿਚ ਲੈ ਲਿਆ ਗਿਆ ਪਰ ਬਾਅਦ ਵਿਚ ਛੱਡ ਦਿੱਤਾ ਗਿਆ। ਸਿੱਖ ਜਥੇਬੰਦੀਆਂ ਸਿੱਖ ਸਦਭਾਵਨਾ ਦਲ ਦੇ ਜ਼ਿਲ੍ਹਾ ਜਥੇਦਾਰ ਭਾਈ ਬਚਿੱਤਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਸੰਗਰੂਰ ਦੇ ਆਗੂ ਭਾਈ ਗੁਰਮੀਤ ਸਿੰਘ ਸ਼ੇਰੋਂ ਅਤੇ ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਦੇ ਆਗੂ ਭਾਈ ਕੇਵਲ ਸਿੰਘ ਨੇ ਕਿਹਾ ਕਿ ਗੁਰੂ ਦੀ ਗੋਲਕ ਅਤੇ ਗੁਰੂ ਨਾਨਕ ਨਾਮਲੇਵਾ ਸਿੱਖ ਸੰਗਤ ਦੇ ਦਸਵੰਧ ਦੇ ਪੈਸੇ ਨਾਲ ਕੋਵਿਡ ਕੇਅਰ ਸੈਂਟਰ ਖੋਲ੍ਹਣਾ ਸ਼ਲਾਘਾਯੋਗ ਉਪਰਾਲਾ ਹੈ ਪਰ ਗੁਰੂ ਦੀ ਗੋਲਕ ’ਤੇ ਰਾਜਨੀਤੀ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਿਹੜੇ ਰਾਜਨੀਤਕ ਆਗੂ ਅੱਜ ਸੈਂਟਰ ਦੀ ਸ਼ੁਰੂਆਤ ਕਰਨ ਪੁੱਜੇ ਹਨ ਉਨ੍ਹਾਂ ਦਾ ਕੋਵਿਡ ਕੇਅਰ ਸੈਂਟਰ ਵਿਚ ਰੱਤੀ ਭਰ ਵੀ ਯੋਗਦਾਨ ਨਹੀਂ ਹੈ।