ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਮਾਰਚ
ਕਰੋਨਾ ਦੇ ਮੁੜ ਵਧ ਰਹੇ ਪ੍ਰਭਾਵ ਕਾਰਨ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਸਬੰਧੀ ਮੁੜ ਅਨਿਸ਼ਚਿਤਤਾ ਵਾਲੀ ਸਥਿਤੀ ਬਣ ਗਈ ਹੈ। ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ 14 ਅਪਰੈਲ ਨੂੰ ਮਨਾਈ ਜਾ ਰਹੀ ਹੈ। ਇਸ ਸਬੰਧੀ ਸਿੱਖ ਸ਼ਰਧਾਲੂਆਂ ਦੇ ਜਥੇ ਦਾ 12 ਅਪਰੈਲ ਨੂੰ ਅਟਾਰੀ-ਵਾਹਗਾ ਰਸਤੇ ਪਾਕਿਸਤਾਨ ਜਾਣ ਅਤੇ 22 ਅਪਰੈਲ ਨੂੰ ਪਰਤ ਆਉਣ ਦਾ ਪ੍ਰੋਗਰਾਮ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਭੇਜਣ ਲਈ ਤਿਆਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਲਗਪਗ 878 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਆਖਿਆ ਕਿ ਮੌਜੂਦਾ ਸਥਿਤੀ ਵਿੱਚ ਸਰਕਾਰ ਪਹਿਲਾਂ ਵਾਂਗ ਜਥਾ ਰੋਕ ਵੀ ਸਕਦੀ ਹੈ ਪਰ ਕੇਂਦਰ ਨੂੰ ਇਸ ਬਾਰੇ ਪਹਿਲਾਂ ਹੀ ਸੂਚਿਤ ਕਰ ਦੇਣਾ ਚਾਹੀਦਾ ਹੈ।
ਸੰਗਤ ਲਈ ਕਰਤਾਰਪੁਰ ਲਾਂਘਾ ਛੇਤੀ ਖੋਲ੍ਹੇ ਸਰਕਾਰ: ਜਥੇਦਾਰ
ਪਟਿਆਲਾ (ਨਿੱਜੀ ਪੱਤਰ ਪ੍ਰੇਰਕ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹ ਦੇਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਧਾਰਿਮਕ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਭਾਵੇਂ ਭੇਜੇ ਜਾਣ ਵਾਲੇ ਜਥਿਆਂ ਦੀ ਗਿਣਤੀ ਘੱਟ ਕਰ ਲਈ ਜਾਵੇ, ਪਰ ਸੰਗਤ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਤੋਂ ਰੋਕਣਾ ਸਰਕਾਰ ਦਾ ਮੰਦਭਾਗਾ ਕਦਮ ਹੈ।