ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 29 ਜੂਨ
ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਿਚ ਵੱਧ ਰਹੇ ਕਰੋਨਾ ਮਰੀਜ਼ਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਟੈਸਟਿੰਗ ਸਮਰੱਥਾ 5 ਗੁਣਾ ਵਧਾ ਦਿੱਤੀ ਹੈ ਅਤੇ ਹੁਣ ਰੋਜ਼ਾਨਾ 12 ਹਜ਼ਾਰ ਦੇ ਕਰੀਬ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਸਮਰੱਥਾ 24 ਹਜ਼ਾਰ ਤੱਕ ਕੀਤੀ ਜਾ ਰਹੀ ਹੈ। ਉਹ ਅੱਜ ਇੱਥੇ ਸ਼ਾਸ਼ਤਰੀ ਨਗਰ ਵਿਚ ਇੱਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਟੈਸਟਿੰਗ ਰਿਪੋਰਟ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਵਧਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਰਿਕਵਰੀ ਵੀ ਬੜੀ ਤੇਜ਼ੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੇਸ ਟਰੇਸ ਨਾ ਹੋਵੇ ਤਾਂ ਇਸ ਬਿਮਾਰੀ ਨੂੰ ਰੋਕਣਾ ਮੁਸ਼ਕਲ ਹੋ ਸਕਦਾ ਹੈ, ਇਸ ਲਈ ਟੈਸਟਿੰਗ ਦੀ ਸਮਰੱਥਾ ਵਧਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ, ਪ੍ਰਸਾਸ਼ਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।