ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਅਪਰੈਲ
ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਲੋਕਾਂ ਲਈ ਖੋਲ੍ਹਣ ਦਾ ਪ੍ਰੋਗਰਾਮ ਕਰੋਨਾ ਦੇ ਵਧਦੇ ਪ੍ਰਭਾਵ ਕਾਰਨ ਮੁੜ ਅਗਾਂਹ ਪੈ ਗਿਆ ਹੈ। ਇਸ ਨੂੰ ਪਹਿਲਾਂ 13 ਅਪਰੈਲ ਨੂੰ ਲੋਕਾਂ ਲਈ ਖੋਲ੍ਹਣ ਦਾ ਪ੍ਰੋਗਰਾਮ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਚੁਅਲ ਪ੍ਰੋਗਰਾਮ ਰਾਹੀਂ ਲੋਕ ਅਰਪਣ ਕੀਤਾ ਜਾਣਾ ਸੀ ਪਰ ਪੰਜਾਬ ਸਰਕਾਰ ਨੇ ਫਿਲਹਾਲ ਇਹ ਪ੍ਰੋਗਰਾਮ ਅਗਾਂਹ ਪਾ ਦਿੱਤਾ ਹੈ।
ਇਸ ਸਬੰਧੀ ਜੱਲ੍ਹਿਆਂਵਾਲਾ ਬਾਗ਼ ਟਰੱਸਟ ਦੇ ਮੈਂਬਰ ਤਰਲੋਚਨ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 13 ਅਪਰੈਲ ਨੂੰ ਵਰਚੁਅਲ ਪ੍ਰੋਗਰਾਮ ਰਾਹੀਂ ਬਾਗ਼ ਨੂੰ ਮੁੜ ਲੋਕ ਅਰਪਣ ਕੀਤਾ ਜਾਣਾ ਸੀ ਤੇ ਇਸ ਸਬੰਧੀ ਅੱਜ ਉਨ੍ਹਾਂ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਪਰ ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਪ੍ਰਭਾਵ ਕਾਰਨ ਪੰਜਾਬ ਸਰਕਾਰ ਨੇ ਫਿਲਹਾਲ ਜੱਲ੍ਹਿਆਂਵਾਲਾ ਬਾਗ਼ ਨੂੰ ਲੋਕਾਂ ਲਈ ਖੋਲ੍ਹਣ ਦੇ ਪ੍ਰੋਗਰਾਮ ਨੂੰ ਅਗਾਂਹ ਪਾ ਦਿੱਤਾ ਹੈ। ਪੰਜਾਬ ਸਰਕਾਰ ਨੇ 30 ਅਪਰੈਲ ਤਕ ਵਿੱਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਹਨ। ਸੈਰ-ਸਪਾਟੇ ਵਾਲੀਆਂ ਥਾਵਾਂ ਵੀ ਮੁੜ ਬੰਦ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਜੱਲ੍ਹਿਆਂਵਾਲਾ ਬਾਗ਼ ਨੂੰ ਖੋਲ੍ਹਣ ਦਾ ਪ੍ਰੋਗਰਾਮ ਵੀ ਅਗਾਂਹ ਪੈ ਗਿਆ ਹੈ। ਦੱਸਣਯੋਗ ਹੈ ਕਿ ਇਹ ਸ਼ਹੀਦੀ ਸਮਾਰਕ ਨਵੀਨੀਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ 15 ਫਰਵਰੀ, 2020 ਨੂੰ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਸੀ।