ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 19 ਜੂਨ
ਸ਼੍ਰੋੋਮਣੀ ਕਮੇਟੀ ਵੱਲੋਂ ਅੱਜ ਤਖ਼ਤ ਕੇਸਗੜ੍ਹ ਸਾਹਿਬ ਵਿੱਚ ਕਰੋਨਾ ਟੀਕਾਕਰਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਨੇ ਕਰੋਨਾ ਮਹਾਮਾਰੀ ਦੌਰਾਨ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਮਾਨਵ ਭਲਾਈ ਦੇ ਕਾਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਨੂੰ ਕਰੋਨਾ ਮਰੀਜ਼ਾਂ ਲਈ ਰਾਖਵਾਂ ਕਰਕੇ ਸੇਵਾਵਾਂ ਦੇਣ ਦੇ ਨਾਲ-ਨਾਲ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਕਰੋਨਾ ਕੇਅਰ ਕੇਂਦਰ ਵੀ ਸਥਾਪਤ ਕੀਤੇ ਗਏ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਲਈ ਵਚਨਬੱਧ ਹੈ ਤੇ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਮਦਦ ਕਰਦੀ ਰਹੇਗੀ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਕਾਰਜ ਮਨੁੱਖਤਾ ਨੂੰ ਧਰਵਾਸ ਦੇਣ ਵਾਲਾ ਹੈ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ।
ਇਸੇ ਦੌਰਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਬੀਬੀ ਜਗੀਰ ਕੌਰ ਤੇ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਮਗਰੋਂ ਬੀਬੀ ਜਗੀਰ ਕੌਰ ਤੇ ਗਿਆਨੀ ਰਘਬੀਰ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ।