ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 21 ਅਕਤੂਬਰ
ਮੁਹਾਲੀ ਨਗਰ ਨਿਗਮ ਵੱਲੋਂ ਛੇਤੀ ਹੀ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਲਈ ਉਨ੍ਹਾਂ ਸਾਰੀਆਂ ਥਾਵਾਂ ’ਤੇ 100 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜਿਨ੍ਹਾਂ ਇਲਾਕਿਆਂ ਵਿੱਚ ਔਰਤਾਂ ਅਤੇ ਲੜਕੀਆਂ ਦਾ ਆਉਣਾ ਜਾਣਾ ਸਭ ਤੋਂ ਜ਼ਿਆਦਾ ਰਹਿੰਦਾ ਹੈ। ਕੇਂਦਰ ਸਰਕਾਰ ਵੱਲੋਂ ਨਿਰਭਯਾ ਸਕੀਮ ਦੇ ਤਹਿਤ ਨਗਰ ਨਿਗਮ ਵੱਲੋਂ ਇਸ ਲਈ ਕੁਝ ਹੱਦ ਤੱਕ ਫੰਡ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤਰ੍ਹਾਂ ਨਗਰ ਨਿਗਮ ਆਪਣੇ ਪੱਧਰ ’ਤੇ ਵੀ ਸਾਢੇ ਚਾਰ ਕਰੋੜ ਰੁਪਏ ਇਸ ਮੰਤਵ ਲਈ ਖਰਚ ਕੀਤਾ ਜਾਵੇਗਾ। ਇਹ ਫ਼ੈਸਲਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਜੀਤੀ ਸਿੱਧੂ ਨੇ ਦੱਸਿਆ ਕਿ ਔਰਤਾਂ ਤੇ ਲੜਕੀਆਂ ਨਾਲ ਛੇੜਖਾਨੀ ਅਤੇ ਦੁਰਵਿਹਾਰ ਦੀਆਂ ਘਟਨਾਵਾਂ/ਵਾਰਦਾਤਾਂ ਵਾਪਰ ਰਹੀਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਿੱਧੂ ਨੇ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਲਈ ਸ਼ਹਿਰਾਂ ਵਿੱਚ ਸਰਵੇਲੈਂਸ ਇਨਫਰਾਸਟਰੱਕਚਰ ਨੂੰ ਅਪਗਰੇਡ ਕਰਨ ਦਾ ਪ੍ਰਸਤਾਵ ਹੈ। ਇਸ ਲਈ ਸਰਕਾਰ ਵੱਲੋਂ ਪੰਜਾਬ ਅਰਬਨ ਲੋਕਲ ਬਾਡੀਜ਼ ਸਰਵੇਲੈਂਸ ਗਰਿੱਡ ਫੌਰ ਵਿਮੈਨ ਸੇਫਟੀ, ਪਨਗਰਿੱਡ-ਡਬਲਿਊ ਐੱਸ ਸਕੀਮ ਬਣਾਈ ਗਈ ਹੈ।