ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਰਿਸ਼ਵਤਖ਼ੋਰੀ ਦੇ ਮਾਮਲਿਆਂ ’ਚ ਸ਼ਾਮਲ ਤੇ ਕੰਮਾਂ ’ਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਲੌਂਗੀ ਥਾਣਾ ਅਧੀਨ ਪੈਂਦੇ ਖਰੜ-ਲਾਂਡਰਾਂ ਸੜਕ ’ਤੇ ਸਥਿਤ ਇੱਕ ਪੈਲੇਸ ’ਚ ਸੂਬਾ ਪੱਧਰੀ ਸਮਾਗਮ ਦੌਰਾਨ ਸਹਿਕਾਰਤਾ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡ ਰਹੇ ਸਨ।
ਮੁੱਖ ਮੰਤਰੀ ਨੇ ਪੁਲੀਸ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਰੇਤ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲਣਾ ਯਕੀਨੀ ਬਣਾਇਆ ਜਾਵੇ ਤੇ ਜੇ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਭ੍ਰਿਸ਼ਟਾਚਾਰ ’ਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਹਫ਼ਤਾ ਵਸੂਲੀ ਤੁਰੰਤ ਬੰਦ ਕੀਤੀ ਜਾਵੇ। ਉਨ੍ਹਾਂ ਵਿਜੀਲੈਂਸ ਨੂੰ ਵੀ ਆਦੇਸ਼ ਦਿੱਤੇ ਕਿ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ’ਤੇ ਫੌਰੀ ਕਾਰਵਾਈ ਕੀਤੀ ਜਾਵੇ।
ਮੁੱਖ ਮੰਤਰੀ ਨੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਛੇਤੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਫ਼ੈਸਲਾ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਨਾਲ ਇਨ੍ਹਾਂ ਬੈਂਕਾਂ ਨੂੰ ਮੁੜ ਸੁਰਜੀਤ ਕਰਨ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਸਹਿਕਾਰੀ ਬੈਂਕਾਂ ਦੇ 623, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 97 ਅਤੇ ਸ਼ੂਗਰਫੈੱਡ ਦੇ 27 ਮੁਲਾਜ਼ਮ ਸ਼ਾਮਲ ਹਨ। ਅੱਜ ਸੀਨੀਅਰ ਮੈਨੇਜਰ, ਮੈਨੇਜਰ, ਆਈਟੀਓ, ਕਲਰਕ, ਤਕਨੀਕੀ ਸਹਾਇਕ ਅਤੇ ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ। ਇਸ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਮੇਅਰ ਜੀਤੀ ਸਿੱਧੂ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ, ਵਿੱਤ ਕਮਿਸ਼ਨਰ (ਵਿਕਾਸ) ਡੀਕੇ ਤਿਵਾੜੀ, ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਹਾਜ਼ਰ ਸਨ।
ਡੀਏਪੀ ਦੀ ਘਾਟ ਨਹੀਂ ਆਵੇਗੀ: ਨਾਭਾ
ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਆਪਣਾ ਕੰਮ ਸਮਰਪਣ ਭਾਵਨਾ ਨਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 3.33 ਮੀਟਰਿਕ ਟਨ ਯੂਰੀਆ ਦੀ ਸਪਲਾਈ ਨਿਰਧਾਰਿਤ ਕਰ ਦਿੱਤੀ ਗਈ ਹੈ। ਡੀਏਪੀ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।