ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 13 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਿੱਖੀਵਿੰਡ ਦੇ ਕਾਰਜਸਾਧਕ ਅਫ਼ਸਰ (ਈਓ) ਗਿਰੀਸ਼ ਵਰਮਾ ਨੂੰ ਅੱਜ ਮੁਹਾਲੀ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਸ ਨੂੰ 18 ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੇ ਦੱਸਿਆ ਕਿ ਅੱਜ ਇਸ ਮਾਮਲੇ ਵਿੱਚ ਈਓ ਗਿਰੀਸ਼ ਵਰਮਾ ਦੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਸਣੇ ਹੋਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮ ਦੀ ਪਤਨੀ ਅਤੇ ਬੇਟਾ ਗ੍ਰਿਫ਼ਤ ਤੋਂ ਬਾਹਰ ਹਨ।