ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 18 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਥਾਨਕ ਸਰਕਾਰਾਂ ਵਿਭਾਗ ਦੇ ਕਾਰਜਸਾਧਕ ਅਫ਼ਸਰ (ਈਓ) ਗਿਰੀਸ਼ ਵਰਮਾ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਮੁੜ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਵਿਜੀਲੈਂਸ ਅਨੁਸਾਰ, ਮੁਲਜ਼ਮ ਅਧਿਕਾਰੀ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਜਾਣਕਾਰਾਂ ਦੇ ਨਾਮ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਵੱਡੀ ਮਾਤਰਾ ਵਿੱਚ ਪੈਸਿਆਂ ਦਾ ਅਦਾਨ-ਪ੍ਰਦਾਨ ਕੀਤਾ ਹੈ। ਇਸ ਮਾਮਲੇ ਵਿੱਚ ਈਓ ਦੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਸਮੇਤ ਹੋਰਨਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹ ਦੋਵੇਂ ਵਿਜੀਲੈਂਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ।