ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 12 ਜੁਲਾਈ
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਕੁੱਝ ਦਿਨ ਪਹਿਲਾਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸੇ ਕੇਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਵਜ਼ਾਰਤ ਸਮੇਂ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਰਹੇ ਸੰਗਤ ਸਿੰਘ ਗਿਲਜ਼ੀਆਂ ਸਣੇ ਉਸ ਦੇ ਪੀਏ ਕੁਲਵਿੰਦਰ ਸਿੰਘ ਸ਼ੇਰਗਿੱਲ, ਵਣ ਮੰਡਲ ਅਫ਼ਸਰ ਅਮਿਤ ਚੌਹਾਨ, ਡੀਐਫਓ ਗੁਰਅਮਨਪ੍ਰੀਤ ਸਿੰਘ ਬੈਂਸ, ਵਣ ਗਾਰਡ ਦਿਲਪ੍ਰੀਤ ਸਿੰਘ ਤੇ ਸਚਿਨ ਕੁਮਾਰ, ਧਰਮਸੋਤ ਦੇ ਓਐਸਡੀ ਚਮਕੌਰ ਸਿੰਘ ਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਖੰਨਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਪਿਛਲੇ ਦਿਨੀਂ ਗਿਲਜ਼ੀਆਂ ਨੇ ਵਿਜੀਲੈਂਸ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਇਸ ਖ਼ਿਲਾਫ਼ ਦਰਜ ਐਫ਼ਆਈਆਰ ਨੂੰ ਮੁੱਢੋਂ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਉੱਚ ਅਦਾਲਤ ਨੇ ਗਿਲਜ਼ੀਆਂ ਨੂੰ ਪਹਿਲਾਂ ਹੇਠਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰਨ ਲਈ ਕਿਹਾ ਸੀ। ਗਿਲਜ਼ੀਆਂ ਨੇ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਅੱਜ ਸੁਣਵਾਈ ਦੌਰਾਨ ਅਦਾਲਤ ਨੇ ਸਾਬਕਾ ਮੰਤਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਗਿਲਜ਼ੀਆਂ ਅਤੇ ਧਰਮਸੋਤ ਉੱਤੇ ਜੰਗਲਾਤ ਵਿਭਾਗ ਵਿੱਚ ਠੇਕੇਦਾਰਾਂ ਤੋਂ ਪੈਸੇ ਲੈ ਕੇ ਖੈਰ ਦੇ ਦਰੱਖ਼ਤਾਂ ਦੀ ਕਟਾਈ ਦਾ ਠੇਕਾ ਦੇਣ ਅਤੇ ਜੰਗਲਾਤ ਅਫ਼ਸਰਾਂ ਨੂੰ ਉਨ੍ਹਾਂ ਦੇ ਮਨਪਸੰਦ ਸਟੇਸ਼ਨਾਂ ’ਤੇ ਤਾਇਨਾਤ ਕਰਨ ਲਈ ਵੱਢੀ ਲੈਣ ਦਾ ਦੋਸ਼ ਹੈ। ਵਿਜੀਲੈਂਸ ਦੇ ਤੱਥਾਂ ਅਨੁਸਾਰ ਠੇਕੇਦਾਰ ਨੇ ਗਿਲਜ਼ੀਆਂ ਨੂੰ ਮੁਹਾਲੀ ਨੇੜਲੇ ਪਿੰਡ ਨਾਡਾ ਵਿੱਚ ਖੈਰ ਦੇ ਦਰਖ਼ਤਾਂ ਦੀ ਕਟਾਈ ਦਾ ਪਰਮਿਟ ਜਾਰੀ ਕਰਵਾਉਣ ਲਈ ਪੀਏ ਕੁਲਵਿੰਦਰ ਸਿੰਘ ਰਾਹੀਂ ਪੰਜ ਲੱਖ ਰੁਪਏ ਰਿਸ਼ਵਤ ਦਿੱਤੀ ਸੀ। ਉਸ ਨੇ ਰੇਂਜ ਅਫ਼ਸਰ, ਬਲਾਕ ਅਫ਼ਸਰ ਅਤੇ ਵਣ ਗਾਰਡ ਨੂੰ ਵੀ ਰਿਸ਼ਵਤ ਦਿੱਤੀ ਸੀ। ਗਿਲਜ਼ੀਆਂ ਨੇ ਆਪਣੇ ਕਾਰਜਕਾਲ ਦੌਰਾਨ ਠੇਕੇਦਾਰ ਹਰਮੋਹਿੰਦਰ ਦੀ ਪੰਜਾਬ ਦੇ ਡੀਐਫਓਜ਼ ਨਾਲ ਮੀਟਿੰਗ ਕਰਵਾਈ ਸੀ ਅਤੇ ਹਦਾਇਤ ਕੀਤੀ ਸੀ ਕਿ ਪੌਦਿਆਂ ਦੀ ਸੁਰੱਖਿਆ ਲਈ ਟ੍ਰੀ-ਗਾਰਡਾਂ ਦੀ ਖ਼ਰੀਦ ਸਿਰਫ਼ ਸਚਿਨ ਕੁਮਾਰ ਤੋਂ ਹੀ ਕੀਤੀ ਜਾਵੇਗੀ। ਉਸ ਸਮੇਂ ਕੁੱਲ 80 ਹਜ਼ਾਰ ਟ੍ਰੀ-ਗਾਰਡ ਖ਼ਰੀਦੇ ਗਏ ਸਨ ਅਤੇ ਗਿਲਜ਼ੀਆਂ ਨੇ 6,40,00,000 ਰੁਪਏ ਰਿਸ਼ਵਤ ਵਜੋਂ ਇਕੱਠੇ ਕੀਤੇ ਸਨ।