ਚਰਨਜੀਤ ਭੁੱਲਰ/ਇਕਬਾਲ ਸਿੰਘ ਸ਼ਾਂਤ
ਚੰਡੀਗੜ੍ਹ/ਲੰਬੀ, 13 ਅਕਤੂਬਰ
ਗੁਲਾਬੀ ਸੁੰਡੀ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਸਬੰਧੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਹੈ, ਜਿਸ ਮਗਰੋਂ ਹੁਣ ਮੁਆਵਜ਼ੇ ਦੀ ਮੰਗ ਬਾਰੇ ਚੱਲ ਰਿਹਾ ਕਿਸਾਨ ਅੰਦੋਲਨ ਹੋਰ ਤੇਜ਼ ਹੋਣ ਦੇ ਆਸਾਰ ਬਣ ਗਏ ਹਨ। ਬੀਕੇਯੂ (ਉਗਰਾਹਾਂ) ਨੇ 3 ਅਕਤੂਬਰ ਤੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਪਿੰਡ ਬਾਦਲ ਵਿਚਲੀ ਰਿਹਾਇਸ਼ ਦਾ ਘਿਰਾਓ ਕੀਤਾ ਹੋਇਆ ਹੈ, ਜਿਸ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਮੁਕਤਸਰ ਨੇ ਧਰਨਾਕਾਰੀਆਂ ਦੀ ਅੱਜ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਮੀਟਿੰਗ ਕਰਵਾਈ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਹੁਸਨ ਲਾਲ ਤੋਂ ਇਲਾਵਾ ਵਿੱਤ ਕਮਿਸ਼ਨਰ ਵੀ ਕੇ ਜੰਜੂਆ, ਸੀਨੀਅਰ ਅਧਿਕਾਰੀ ਡੀ ਕੇ ਤਿਵਾੜੀ ਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਹਾਜ਼ਰ ਸਨ। ਦੂਜੇ ਪਾਸੇ ਬੀਕੇਯੂ ਉਗਰਾਹਾਂ ਦੇ ਸੀਨੀਅਰ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰਾਮ ਸਿੰਘ ਭੈਣੀ ਬਾਘਾ, ਗੁਰਭੇਜ ਸਿੰਘ ਫ਼ਾਜ਼ਿਲਕਾ ਤੇ ਗੁਰਪਾਸ਼ ਸਿੰਘ ਮੁਕਤਸਰ ਮੀਟਿੰਗ ਵਿੱਚ ਹਾਜ਼ਰ ਸਨ। ਕਿਸਾਨ ਆਗੂਆਂ ਨੇ ਮੀਟਿੰਗ ਵਿੱਚ ਸਾਫ਼ ਕੀਤਾ ਕਿ ਕਿਸਾਨਾਂ ਨੂੰ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਪ੍ਰਤੀ ਏਕੜ 60 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਲਈ ਪ੍ਰਤੀ ਪਰਿਵਾਰ 30 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਜਾਣਕਾਰੀ ਅਨੁਸਾਰ ਪ੍ਰਮੁੱਖ ਸਕੱਤਰ ਨੇ ਕਿਸਾਨ ਆਗੂਆਂ ਨੂੰ ਸੁਣਨ ਮਗਰੋਂ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ’ਤੇ ਵਿਚਾਰ ਕਰਨਗੇ। ਸੂਤਰਾਂ ਅਨੁਸਾਰ ਸਰਕਾਰ ਵੱਲੋਂ 12 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਪੇਸ਼ਕਸ਼ ਕੀਤੀ ਗਈ ਹੈ। ਥੋੜ੍ਹਾ ਸਮਾਂ ਚੱਲੀ ਇਸ ਮੀਟਿੰਗ ਦਾ ਹਾਲੇ ਕੋਈ ਸਾਰਥਕ ਸਿੱਟਾ ਨਹੀਂ ਨਿਕਲਿਆ ਹੈ, ਜਿਸ ਮਗਰੋਂ ਕਿਸਾਨ ਆਗੂਆਂ ਨੇ ਭਲਕੇ 14 ਅਕਤੂਬਰ ਨੂੰ ਨਰਮਾ ਪੱਟੀ ਦੇ ਪੰਜ ਜ਼ਿਲ੍ਹਿਆਂ ਦੀ ਮੀਟਿੰਗ ਸੱਦ ਲਈ ਹੈ।
ਜ਼ਿਕਰਯੋਗ ਹੈ ਕਿ ਬੀਕੇਯੂ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਵੀ 14 ਅਕਤੂਬਰ ਨੂੰ ਹੀ ਹੈ, ਜਿਸ ਵਿੱਚ ਨਰਮੇ ਦੇ ਮੁਆਵਜ਼ੇ ਸਬੰਧੀ ਕਿਸਾਨਾਂ ਵੱਲੋਂ ਤਿੱਖੇ ਐਕਸ਼ਨ ਦਾ ਫ਼ੈਸਲਾ ਲਿਆ ਜਾਵੇਗਾ। ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਖੇਤੀ ਮੰਤਰੀ ਵੱਲੋਂ ਹਾਲੇ ਤੱਕ ਨਰਮਾ ਪੱਟੀ ਦਾ ਦੌਰਾ ਤੱਕ ਨਹੀਂ ਕੀਤਾ ਗਿਆ।
ਮਨਪ੍ਰੀਤ ਦੀ ਕੋਠੀ ਅੱਗੇ ਪੱਕਾ ਮੋਰਚਾ ਜਾਰੀ
ਲੰਬੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਅੱਗੇ ਲਾਇਆ ਕਿਸਾਨਾਂ ਦਾ ਪੱਕਾ ਮੋਰਚਾ 9ਵੇਂ ਦਿਨ ਵੀ ਜਾਰੀ ਰਿਹਾ। ਅੱਜ ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਦੋਸ਼ ਲਾਇਆ ਕਿ ਪਿੰਡ ਬਾਦਲ ਵਿਚ ਕਿਸਾਨ ਦਿਨ-ਰਾਤ ਦਾ ਮੋਰਚਾ ਲਾ ਕੇ ਬੈਠ ਹਨ, ਪਰ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੇ ਮੁਆਵਜ਼ੇ ਦੀ ਮੰਗ ਤਾਂ ਦੂਰ ਇੱਕ ਵਾਰ ਕਿਸਾਨਾਂ ਮੀਟਿੰਗ ਕਰਨੀ ਵੀ ਜ਼ਰੂਰੀ ਨਹੀਂ ਸਮਝੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੁਲੀਸ ਵੱਲੋਂ ਮੋਰਿੰਡਾ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ ਫ਼ਸਲਾਂ ਦਾ ਪੂਰਾ ਮੁਆਵਜ਼ਾ ਲੈਣ ਤੱਕ ਸੰਘਰਸ਼ ਜਾਰੀ ਰਹੇਗਾ ਤੇ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਗਿਰਦਾਵਰੀ ਮੁਤਾਬਕ ਚਾਰ ਲੱਖ ਏਕੜ ਫ਼ਸਲ ਤਬਾਹ
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਲ ਵਿਭਾਗ ਵੱਲੋਂ ਜੋ ਗਿਰਦਾਵਰੀ ਕਰਵਾਈ ਗਈ ਹੈ, ਉਸ ਵਿੱਚ ਬਠਿੰਡਾ, ਮਾਨਸਾ ਤੇ ਸੰਗਰੂਰ ਜ਼ਿਲ੍ਹੇ ਵਿੱਚ 4 ਲੱਖ ਏਕੜ ਰਕਬੇ ’ਚ ਨਰਮੇ ਦੀ ਫ਼ਸਲ ਤਬਾਹ ਹੋਈ ਹੈ। ਕੇਂਦਰ ਸਰਕਾਰ ਵੱਲੋਂ ਖ਼ਰਾਬੇ ਦਾ ਮੁਆਵਜ਼ਾ 5400 ਰੁਪਏ ਪ੍ਰਤੀ ਏਕੜ ਦਿੱਤਾ ਜਾਂਦਾ ਹੈ, ਜਦਕਿ ਬਾਕੀ ਰਾਸ਼ੀ ਪੰਜਾਬ ਸਰਕਾਰ ਪਾ ਕੇ ਕਿਸਾਨਾਂ ਨੂੰ 12 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ।