ਨਰਮੇ ਦੀ ਫ਼ਸਲ ਸਬੰਧੀ ਹਫ਼ਤੇ ’ਚ ਦੋ ਵਾਰ ਦੇਣੀ ਹੋਵੇਗੀ ਰਿਪੋਰਟ
ਆਤਿਸ਼ ਗੁਪਤਾ
ਪੰਜਾਬ ਸਰਕਾਰ ਨੇ ਨਰਮੇ ਦੀ ਫ਼ਸਲੇ ’ਤੇ ਕੀੜਿਆਂ ਦੇ ਹਮਲਿਆਂ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਚੌਕਸੀ ਰੱਖਣੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਫ਼ਸਲਾਂ ਨੂੰ ਕਿਸੇ ਵੀ ਕਿਸਮ ਦੇ ਨੁਕਸਾਨ ਤੋਂ ਬਚਾਉਣ ਸਬੰਧੀ ਤਿਆਰੀਆਂ ਕਰ ਰਹੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਰਮੇ ਦੀ ਫ਼ਸਲ ਸਬੰਧੀ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ।
ਇਸ ਤਹਿਤ ਖੇਤੀਬਾੜੀ ਅਫ਼ਸਰ ਨਰਮੇ ਦੀ ਪ੍ਰਗਤੀ ਅਤੇ ਸਥਿਤੀ ਦੀ ਸਮੀਖਿਆ ਕਰਨਗੇ। ਇਹ ਆਦੇਸ਼ ਖੇਤੀਬਾੜੀ ਮੰਤਰੀ ਨੇ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸ ਦੌਰਾਨ ਜਾਰੀ ਕੀਤੇ ਹਨ।
‘ਮੀਂਹ ਦਾ ਪਾਣੀ ਭਰਨ ਵਾਲੇ ਖੇਤਾਂ ਦਾ ਨਿਰੀਖਣ’
ਕੈਬਨਿਟ ਮੰਤਰੀ ਨੇ ਫਾਜ਼ਿਲਕਾ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਖੇਤਾਂ ਵਿੱਚ ਮੀਂਹ ਦਾ ਪਾਣੀ ਭਰਨ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਾਂ ਦਾ ਨਿਰੀਖਣ ਕਰਨ ਲਈ ਵੀ ਕਿਹਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਤਾਂ ਵਿੱਚੋਂ ਪਾਣੀ ਦੀ ਤੁਰੰਤ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
‘ਸਿੱਧੀ ਬਿਜਾਈ ਦੀ ਵੈਰੀਫ਼ਿਕੇਸ਼ਨ ਦੇ ਹੁਕਮ’
ਖੁੱਡੀਆਂ ਨੇ ਫ਼ੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਦੀ ਫ਼ੀਲਡ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਪ੍ਰਤੀ ਏਕੜ 1,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਯੋਗ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫ਼ਰ ਕੀਤੀ ਜਾ ਸਕੇ।