ਪਰਿਸ਼ਦ-ਸਮਿਤੀ ਚੋਣਾਂ: ਸੂਬਾਈ ਆਗੂਆਂ ਨੇ ਕਮਾਨ ਸਾਂਭੀ
ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੀ ਕਮਾਨ ਸਿਆਸੀ ਪਾਰਟੀਆਂ ਦੇ ਸੂਬਾਈ ਆਗੂਆਂ ਨੇ ਸਾਂਭ ਲਈ ਹੈ। ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੁਨਾਮ ਦੇ ਪਿੰਡਾਂ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਹੈ। ਇਸ ਦੇ ਨਾਲ ਹੀ ਹੋਰ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕੀਤਾ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਗਰਾਓਂ, ਦਾਖਾ ਤੇ ਹੋਰਨਾਂ ਥਾਵਾਂ ’ਤੇ ਚੋਣ ਪ੍ਰਚਾਰ ਕੀਤਾ ਗਿਆ ਹੈ। 23 ਜ਼ਿਲ੍ਹਾ ਪਰਿਸ਼ਦਾਂ ਦੇ 347 ਜ਼ੋਨਾਂ ਅਤੇ 154 ਪੰਚਾਇਤ ਸਮਿਤੀਆਂ ਦੇ 2,838 ਜ਼ੋਨਾਂ ਲਈ ਹੋਣ ਵਾਲੀਆਂ ਚੋਣਾਂ ਨੂੰ ਸਵਾ ਕੁ ਸਾਲ ਬਾਅਦ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸੈਮੀ ਫਾਈਨਲ ਵਜੋਂ ਵੇਖਿਆ ਜਾ ਰਿਹਾ ਹੈ। ਇਸੇ ਕਰਕੇ ‘ਆਪ’, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਭਰ ਵਿੱਚ ਇਨ੍ਹਾਂ ਚੋਣਾਂ ਦੌਰਾਨ ਜ਼ੋਰ-ਸ਼ੋਰ ਨਾਲ ਚੋਣ ਲੜੀ ਜਾ ਰਹੀ ਹੈ। ਸੱਤਾ ਧਿਰ ਆਮ ਆਦਮੀ ਪਾਰਟੀ ਵੱਲੋਂ ਆਪਣੇ ਪੌਣੇ ਚਾਰ ਸਾਲ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਵੱਲੋਂ ‘ਆਪ’ ਸਰਕਾਰ ਦੇ ਬਕਾਇਆ ਰਹਿੰਦੇ ਕੰਮਾਂ ਨੂੰ ਪ੍ਰਚਾਰਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਸੂਬੇ ਵਿੱਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਵਰਗੇ ਮੁੱਦਿਆਂ ਨੂੰ ਵੀ ਉਭਾਰ ਰਹੀਆਂ ਹਨ। ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਮਿਲ ਗਏ ਹਨ। ਇਸ ਦੌਰਾਨ ਉਮੀਦਵਾਰਾਂ ਵੱਲੋਂ ਨੁਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਘਰ-ਘਰ ਪਹੁੰਚ ਕੇ ਵੋਟਾਂ ਵੀ ਮੰਗੀਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਨੇ ਵੀ ਜ਼ਿਲ੍ਹਾ ਪੱਧਰ ’ਤੇ ਵੋਟਰ ਪਰਚੀਆਂ ਛਪਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਖ-ਵੱਖ ਲੜ ਰਹੇ ਚੋਣ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਖਰੇਵੇਂ ਹੋਣ ਕਰਕੇ ਦੋਵੇਂ ਪਾਰਟੀਆਂ ਪਹਿਲੀਂ ਵਾਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਵੱਖ-ਵੱਖ ਲੜ ਰਹੀਆਂ ਹਨ। ਇਸ ਤੋਂ ਪਹਿਲਾਂ ਦੋਵੇਂ ਪਾਰਟੀਆਂ ਵਿਧਾਨ ਸਭਾ, ਲੋਕ ਸਭਾ ਅਤੇ ਨਗਰ ਨਿਗਮ ਦੀਆਂ ਚੋਣਾਂ ਵੀ ਵੱਖ-ਵੱਖ ਲੜ ਚੁੱਕੀਆਂ ਹਨ। ਇਸ ਲਈ ਭਾਜਪਾ ਨੂੂੰ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਪਿੰਡਾਂ ਵਿੱਚ ਪੈਰ ਲਾਉਣ ਦਾ ਵਧੀਆ ਮੌਕਾ ਮਿਲ ਗਿਆ ਹੈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਵਿਧਾਨ ਸਭਾ ਚੋਣਾਂ ਦਾ ਮੁੱਢ ਬਨਣਗੇ।
