ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਨਵੰਬਰ
ਪੰਜਾਬ ਸਰਕਾਰ ਨੇ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਨੂੰ ਭਾਂਪਦਿਆਂ ਸੂਬੇ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿਚ ਪਹਿਲੀ ਦਸੰਬਰ ਤੋਂ ਮੁੜ ਰਾਤਰੀ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ-ਐੱਨ.ਸੀ.ਆਰ ਵਿੱਚ ਕੋਵਿਡ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਵੀ ਪੰਜਾਬ ਵਿਚ ਨਵੀਆਂ ਪਾਬੰਦੀਆਂ ਲਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਨੂੰ ਦੁੱਗਣਾ ਜੁਰਮਾਨਾ ਲੱਗੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਉਨ੍ਹਾਂ ਲੋਕਾਂ ਨੂੰ ਇਸ ਸਬੰਧੀ ਕੋਈ ਅਣਗਹਿਲੀ ਨਾ ਵਰਤਣ ਦੀ ਚਿਤਾਵਨੀ ਦਿੱਤੀ ਹੈ। ਇਸੇ ਤਰ੍ਹਾਂ ਸਾਰੇ ਹੋਟਲ, ਰੇਸਤਰਾਂ ਤੇ ਮੈਰਿਜ ਪੈਲੇਸ ਰਾਤ 9:30 ਵਜੇ ਬੰਦ ਹੋਣਗੇ। ਇਨ੍ਹਾਂ ਪਾਬੰਦੀਆਂ ਦੀ ਸਮੀਖਿਆ 15 ਦਸੰਬਰ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਉੱਚ ਪੱਧਰੀ ਸੂਬਾਈ ਕੋਵਿਡ ਸਮੀਖਿਆ ਮੀਟਿੰਗ ਕੀਤੀ, ਜਿਸ ਮਗਰੋਂ ਇਨ੍ਹਾਂ ਪਾਬੰਦੀਆਂ ਦਾ ਐਲਾਨ ਕੀਤਾ ਗਿਆ। ਪੰਜਾਬ ਸਰਕਾਰ ਨੇ ਕੋਵਿਡ ਸਬੰਧੀ ਨੇਮਾਂ ਦੀ ਪਾਲਣਾ ਨਾ ਕਰਨ ਦਾ ਜੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਹੈ। ਸੂਬੇ ਦੇ ਨਿੱਜੀ ਹਸਪਤਾਲਾਂ ਵਿੱਚ ਬਿਸਤਰਿਆਂ (ਬੈੱਡਜ਼) ਦੀ ਗਿਣਤੀ ਦੀ ਸਮੀਖਿਆ ਕਰਕੇ ਇਨ੍ਹਾਂ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਉਣ ਦੀ ਹਦਾਇਤ ਕੀਤੀ ਹੈ। ਕੈਪਟਨ ਨੇ ਆਕਸੀਜਨ ਅਤੇ ਆਈ.ਸੀ.ਯੂ. ਬੈੱਡਜ਼ ਦੀ ਉਪਲੱਬਧਤਾ ਨੂੰ ਹੋਰ ਹੁਲਾਰਾ ਦੇਣ ਲਈ ਐੱਲ 99 ਅਤੇ ਐੱਲ 999 ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਜ਼ਿਲ੍ਹਿਆਂ ਦੀ ਨਿਗਰਾਨੀ ਲਈ ਕਿਹਾ ਹੈ, ਜਿਨ੍ਹਾਂ ਕੋਲ ਐੱਲ 999 ਨਹੀਂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਾਹਿਰਾਂ ਦੇ ਸਮੂਹ ਵੱਲੋਂ ਪ੍ਰਾਪਤ ਰਿਪੋਰਟ ਦੀਆਂ ਸਿਫਾਰਿਸ਼ਾਂ ਦੇ ਸੰਦਰਭ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲਾਂ ਤੇ ਸਿਵਲ ਹਸਪਤਾਲਾਂ ਦੇ ਪ੍ਰਬੰਧਨ ’ਤੇ ਵੀ ਨਿਗ੍ਹਾ ਰੱਖੀ ਜਾਵੇਗੀ। ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਪੈਸ਼ਲਿਸਟਾਂ, ਸੁਪਰ ਸਪੈਸ਼ਲਿਸਟਾਂ, ਨਰਸਾਂ ਤੇ ਪੈਰਾ ਮੈਡਿਕਸ ਦੀਆਂ ਹੰਗਾਮੀ ਭਰਤੀਆਂ ਕੀਤੀਆਂ ਜਾਣ। ਇਨ੍ਹਾਂ ਵਿਭਾਗਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਚੌਥੇ ਤੇ ਪੰਜਵੇਂ ਵਰ੍ਹੇ ਦੇ ਐੱਮ.ਬੀ.ਬੀ.ਐੱਸ. ਵਿਦਿਆਰਥੀਆਂ ਨੂੰ ਭਵਿੱਖ ਦੀ ਲੋੜ ਨੂੰ ਮੁੱਖ ਰੱਖਦਿਆਂ ਰਿਜ਼ਰਵ ਦੇ ਤੌਰ ’ਤੇ ਰੱਖਿਆ ਜਾਵੇ। ਟੈਸਟਿੰਗ ਸਬੰਧੀ ਮੁੱਖ ਮੰਤਰੀ ਨੇ ਜ਼ੋਰ ਦਿੱਤਾ ਕਿ ਰੋਜ਼ਾਨਾ 25,500 ਆਰਟੀ-ਪੀਸੀਆਰ ਟੈਸਟਿੰਗ ਸਮਰੱਥਾ ਦਾ ਭਰਪੂਰ ਇਸਤੇਮਾਲ ਕੀਤਾ ਜਾਵੇ ਅਤੇ ਇਹ ਨਿਰਦੇਸ਼ ਵੀ ਦਿੱਤੇ ਕਿ ਜਿਨ੍ਹਾਂ ਤੋਂ ਕੋਵਿਡ ਦੇ ਸੰਭਾਵੀ ਫੈਲਾਅ ਦਾ ਖ਼ਦਸ਼ਾ ਹੈ ਭਾਵ ਸਰਕਾਰੀ ਅਧਿਕਾਰੀਆਂ ਦੀ ਨਿਯਮਿਤ ਰੂਪ ਨਾਲ ਟੈਸਟਿੰਗ ਕੀਤੀ ਜਾਵੇ। ਜ਼ਿਲ੍ਹਾ ਹਸਪਤਾਲਾਂ ਕੋਲ 24X7 ਟੈਸਟਿੰਗ ਸਮਰੱਥਾ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਤ ਦੀ ਦਰ ਸਬੰਧੀ ਆਡਿਟ ਚੱਲ ਰਿਹਾ ਹੈ ਅਤੇ ਵਿਭਾਗ ਵੱਲੋਂ ਨਿੱਜੀ ਹਸਪਤਾਲਾਂ ਦੁਆਰਾ ਵੈਂਟੀਲੇਟਰ ’ਤੇ ਮਰੀਜ਼ਾਂ ਨੂੰ ਪਾਉਣ ਬਾਰੇ ਕਾਰਨ ਪੁੱਛੇ ਜਾ ਰਹੇ ਹਨ ਅਤੇ ਇਨ੍ਹਾਂ ਮਰੀਜ਼ਾਂ ’ਤੇ ਨਜ਼ਰ ਰੱਖਣ ਲਈ ਇਕ ਰੈਫਰਲ ਗਰੁੱਪ ਵੀ ਉਪਲੱਬਧ ਹੈ। ਮੁੱਖ ਮੰਤਰੀ ਨੇ ਕੋਵਿਡ ਦੀ ਵੈਕਸੀਨ (ਦਵਾਈ) ਛੇਤੀ ਆ ਜਾਣ ਦੀਆਂ ਰਿਪੋਰਟਾਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸਿਹਤ ਕਾਮਿਆਂ ਦਾ ਪੂਰਾ ਡੇਟਾਬੇਸ ਤਿਆਰ ਹੋ ਚੁੱਕਿਆ ਹੈ।