ਸੀ ਪੀ ਆਈ ਵੱਲੋਂ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਮੰਗ
ਅਗਾਮੀ ਚੋਣਾਂ ਦੌਰਾਨ ‘ਇੰਡੀਆ’ ਗੱਠਜੋਡ਼ ਨੂੰ ਕੀਤਾ ਜਾਵੇਗਾ ਮਜ਼ਬੂਤ: ਡੀ. ਰਾਜਾ
ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਕੌਮੀ ਜਨਰਲ ਸਕੱਤਰ ਡੀ. ਰਾਜਾ ਨੇ ਜੰਮੂ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕੀਤੀ ਹੈ। ਇਹ ਗੱਲ ਡੀ. ਰਾਜਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਉਸ ਦੇ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਹੈ। ਇਸ ਲਈ ਜੰਮੂ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕੀਤਾ ਜਾਣਾ ਚਾਹੀਦਾ ਹੈ। ਡੀ. ਰਾਜਾ ਨੇ ਕਿਹਾ ਕਿ ਸੀ.ਪੀ.ਆਈ. ਵੱਲੋਂ ਭਾਜਪਾ ਨੂੰ ਹਰਾਉਣ ਲਈ ‘ਇੰਡੀਆ’ ਗੱਠਜੋੜ ਨੂੰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਲੋਕਾਂ ਨੂੰ ਧਰਮ ਦੇ ਆਧਾਰ ’ਤੇ ਵੰਡ ਰਹੀ ਹੈ ਅਤੇ ਕਾਰਪੋਰੇਟ ਹਿੱਤਾਂ ਦੇ ਹੱਕ ਵਿੱਚ ਫੈਸਲੇ ਲੈ ਰਹੀ ਹੈ। ਇਸੇ ਕਰ ਕੇ ਅੱਜ ਦੇਸ਼ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੀ.ਪੀ.ਆਈ. ਇਨ੍ਹਾਂ ਮਾਮਲਿਆਂ ’ਤੇ ਕੇਂਦਰ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਮੁਹਿੰਮ ਚਲਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਕੇ ਜਬਰਦਸਤੀ ਵੋਟਾਂ ਕੱਟ ਰਹੀ ਹੈ, ਜਿਸ ਬਾਰੇ ਭਾਰਤੀ ਚੋਣ ਕਮਿਸ਼ਨ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸੂਬਾ ਸਕੱਤਰ ਬੰਤ ਬਰਾੜ ਅਤੇ ਸੀਨੀਅਰ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀ ਹੈ।