ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਫਰਵਰੀ
ਸੀਪੀਆਈ (ਐੱਮ) ਪੰਜਾਬ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਪੰਜਾਬ ਵਿੱਚੋਂ ਫਿਰਕੂ, ਫਾਸ਼ੀਵਾਦੀ ਅਤੇ ਵੱਖਵਾਦੀ ਤਾਕਤਾਂ ਦੇ ਖਾਤਮੇ ਲਈ ਖੱਬੀਆਂ ਧਰਮ ਨਿਰਪੱਖ ਅਤੇ ਜਮਹੂਰੀ ਸ਼ਕਤੀਆਂ ਨੂੰ ਅੱਗੇ ਲਿਆਉਣ ਲਈ ਸੀਪੀਆਈ (ਐੱਮ) ਵੱਲੋਂ 14 ਉਮੀਦਵਾਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਮੈਦਾਨ ’ਚ ਉਤਾਰਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬ ਦੇ ਲੋਕ ਕੇਂਦਰ ਦੀ ਭਾਜਪਾ ਤੇ ਪਿਛਲੇ ਸਮਿਆਂ ’ਚ ਅਕਾਲੀ-ਭਾਜਪਾ ਸਰਕਾਰ ਤੇ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਬਹੁਤ ਹੀ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਸੂਬੇ ਅੰਦਰ ਖੇਤੀ ਸੰਕਟ ਲਗਾਤਾਰ ਡੂੰਘਾ ਹੋ ਰਿਹਾ ਹੈ, ਕਿਸਾਨ ਅਤੇ ਮਜ਼ਦੂਰ ਕਰਜ਼ੇ ਦੇ ਜਾਲ ’ਚ ਫਸ ਕੇ ਖੁਦਕਸ਼ੀਆਂ ਕਰ ਰਹੇ ਹਨ, ਜਿਨ੍ਹਾਂ ਵੱਲ ਸਰਕਾਰਾਂ ਨੂੰ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਮੁਤਾਬਕ ਸੂਬੇ ’ਚ ਸਰਕਾਰ ਦੀ ਕਥਿਤ ਸ਼ਹਿ ਤੇ ਮਿਲੀਭੁਗਤ ਨਾਲ ਰੇਤ ਮਾਫੀਆ, ਸ਼ਰਾਬ ਮਾਫੀਆ, ਭੂ-ਮਾਫੀਆ, ਗ਼ੈਰ-ਕਾਨੂੰਨੀ ਟਰਾਂਸਪੋਰਟ ਮਾਫੀਆ ਸਰਗਰਮ ਹੈ ਤੇ ਇਨ੍ਹਾਂ ਨੂੰ ਖਤਮ ਕਰਨ ਦੀ ਲੋੜ ਹੈ। ਸੇਖੋਂ ਨੇ ਕਿਹਾ ਕਿ ਸੂਬੇ ’ਚ ਬੇਰੁਜ਼ਗਾਰੀ ਵਧ ਰਹੀ ਹੈ, ਜਦੋਂ ਤੱਕ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਉਦੋਂ ਤੱਕ 6 ਹਜ਼ਾਰ ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਉਨ੍ਹਾਂ ਬੇਜ਼ਮੀਨੇ, ਪੇਂਡੂ ਮਜ਼ਦੂਰਾਂ ਨੂੰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਬੁਢਾਪਾ, ਵਿਧਵਾ, ਅੰਗਹੀਣਾਂ ਨੂੰ ਪੈਨਸ਼ਨ ਦਾ ਕਾਨੂੰਨੀ ਦਰਜਾ ਦਿੱਤਾ ਜਾਵੇ ਤੇ ਘੱਟੋ ਘੱਟ ਪੈਨਸ਼ਨ 6 ਹਜ਼ਾਰ ਰੁਪਏ ਮਹੀਨਾ ਹੋਵੇ। ਸਕੱਤਰ ਨੇ ਕਿਹਾ ਕਿ ਪਾਰਟੀ ਦੇ ਉਮੀਦਵਾਰਾਂ ਵਿਧਾਨ ਸਭਾ ’ਚ ਪਹੁੰਚ ਕੇ ਪੰਜਾਬ ਨਾਲ ਸਬੰਧਤ ਮੁੱਦੇ ਚੁੱਕਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇਗਾ।