ਸੀ ਪੀ ਆਈ ਦੀ ਰੈਲੀ ਅੱਜ; ਤਿਆਰੀਆਂ ਮੁਕੰਮਲ
ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੇ 25ਵੇ ਮਹਾਸੰਮੇਲਨ ਸਬੰਧੀ 21 ਸਤੰਬਰ ਨੂੰ ਮੁਹਾਲੀ ਵਿੱਚ ਸੈਕਟਰ-65 ਦੇ ਫੇਜ਼-11 ਸਥਿਤ ਪੰਜਾਬ ਮੰਡੀ ਬੋਰਡ ਵਿੱਚ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਰੈਲੀ ਵਿੱਚ ਸ਼ਿਰਕਤ ਕਰਨ ਲਈ ਪਾਰਟੀ ਵਰਕਰਾਂ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਦੇ ਨਾਲ ਹੀ ਸੀਪੀਆਈ ਮਹਾਸੰਮੇਲਨ ਵਿੱਚ ਹਿੱਸਾ ਲੈਣ ਲਈ ਤਾਮਿਲਨਾਡੂ, ਕੇਰਲ, ਕਰਨਾਟਕ, ਮਨੀਪੁਰ, ਆਂਧਰਾ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਸੂਬਿਆਂ ਦੇ ਡੈਲੀਗੇਟ ਪੁੱਜਣੇ ਸ਼ੁਰੂ ਹੋ ਗਏ ਹਨ। ਮੁਹਾਲੀ ਰੈਲੀ ਨੂੰ ਸੀਪੀਆਈ ਦੇ ਕੌਮੀ ਜਰਨਲ ਸਕੱਤਰ ਡੀ. ਰਾਜਾ, ਸਕੱਤਰ ਅਮਰਜੀਤ ਕੌਰ, ਪੰਜਾਬ ਦੇ ਸਕੱਤਰ ਬੰਤ ਸਿੰਘ ਬਰਾੜ, ਟਰੇਡ ਯੂਨੀਅਨ ਆਗੂ ਨਿਰਮਲ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਹਰਦੇਵ ਅਰਸ਼ੀ, ਕਾਮਰੇਡ ਜਗਰੂਪ ਸਮੇਤ ਹੋਰ ਆਗੂ ਸੰਬੋਧਨ ਕਰਨਗੇ। ਇਸ ਦੌਰਾਨ ਦੇਸ਼ ਤੇ ਪੰਜਾਬ ਨੂੰ ਦਰਪੇਸ਼ ਸਮੱਸਿਆਂ ਨੂੰ ਉਭਾਰਿਆ ਜਾਵੇਗਾ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਕੋਲੋਂ ਇਨ੍ਹਾਂ ਦੇ ਹੱਲ ਦੀ ਮੰਗ ਕੀਤੀ ਜਾਵੇਗੀ। ਡੀ ਰਾਜਾ ਤੇ ਹੋਰ ਆਗੂਆਂ ਨੇ ਅੱਜ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀ ਰਾਜਾ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਅਤੇ ਧਰੁਵੀਕਰਨ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਐੱਨਡੀਏ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨੌਜਵਾਨਾਂ ਨੂੰ ਦੋ ਕਰੋੜ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਇਸ ਨੂੰ ਪੂਰਾ ਨਹੀਂ ਕੀਤਾ। ਇਸ ਕਰਕੇ ਨੌਜਵਾਨ ਨਿਰਾਸ਼ਾ ਦੇ ਆਲਮ ਵਿੱਚ ਹਨ।