ਪੱਤਰ ਪ੍ਰੇਰਕ
ਅੰਮ੍ਰਿਤਸਰ, 10 ਫਰਵਰੀ
ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਅੱਜ ਇਥੇ ਚੋਣ ਮਨੋਰਥ ਪੱਤਰ ਜਾਰੀ ਕਰਨ ਮੌਕੇ ਕਾਰਪੋਰੇਟ ਤੇ ਸਰਮਾਏਦਾਰ ਪੱਖੀ ਸਿਆਸੀ ਪਾਰਟੀਆਂ ’ਤੇ ਤਿੱਖਾ ਵਿਅੰਗ ਕਸਦਿਆਂ ਕਿਹਾ ਕਿ ਇਨ੍ਹਾਂ ਨੇ ਚੋਣ ਮਨੋਰਥ ਪੱਤਰ ਨੂੰ ਮੱਕੜ ਜਾਲ ਵਾਂਗ ਬਣਾ ਦਿੱਤਾ ਹੈ ਜਦੋਂਕਿ ਇਹ ਕਾਨੂੰਨੀ ਦਸਤਾਵੇਜ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਆਪਣੇ ਚੋਣ ਮਨੋਰਥ ਪੱਤਰ ’ਤੇ ਪੂਰੀ ਨਹੀਂ ਉਤਰਦੀ, ਉਸਦੀ ਮਾਨਤਾ ਰੱਦ ਹੋਣੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਸੀਪੀਆਈ ਤੇ ਸੰਯੁਕਤ ਸਮਾਜ ਮੋਰਚਾ ਦੇ ਸਾਂਝੇ ਉਮੀਦਵਾਰ ਕਾਮਰੇਡ ਅਮਰਜੀਤ ਸਿੰਘ ਆਸਲ ਦੀ ਚੋਣ ਮੁਹਿੰਮ ਵਿਚ ਪੁੱਜੇ ਕਾਮਰੇਡ ਬੰਤ ਬਰਾੜ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਹਰ ਪਾਰਟੀ ਜਾਰੀ ਕਰਦੀ ਹੈ ਪਰ ਚੋਣਾਂ ਤੋਂ ਬਾਅਦ ਇਹ ਪੱਤਰ ਜੁਮਲੇਬਾਜ਼ੀ ਬਣ ਜਾਂਦਾ ਹੈ।