ਟੈਕਸ ਚੋਰਾਂ ’ਤੇ ਸ਼ਿਕੰਜਾ ਕੱਸਿਆ: ਚੀਮਾ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ ਦੀਆਂ ਕਾਰਵਾਈਆਂ ਸਦਕਾ ਕਰ...
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ ਦੀਆਂ ਕਾਰਵਾਈਆਂ ਸਦਕਾ ਕਰ ਵਿਭਾਗ ਨੇ ਵਿੱਤੀ ਸਾਲ 2025-26 ਦੌਰਾਨ 1,383.11 ਕਰੋੜ ਰੁਪਏ ਦੇ ਜੁਰਮਾਨੇ ਲਗਾਏ। ਇਸ ਵਿੱਚੋਂ 1,137.85 ਕਰੋੜ ਰੁਪਏ ਵਸੂਲ ਕਰ ਲਏ ਹਨ, ਜਦੋਂ ਕਿ ਬਾਕੀਆਂ ਨੂੰ ਵਸੂਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2024-25 ਦੌਰਾਨ ਨਿਰੀਖਣ ਐਨਫੋਰਸਮੈਂਟ ਨੇ 147.28 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ ਅਤੇ 41.53 ਕਰੋੜ ਰੁਪਏ ਵਸੂਲੇ ਗਏ ਸੀ। ਸ੍ਰੀ ਚੀਮਾ ਨੇ ਕਿਹਾ ਕਿ ਕਰ ਵਿਭਾਗ ਨੇ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਾਲ ਭਰ ਵਿੱਚ 8 ਕੇਸ ਦਰਜ ਕਰਕੇ 15 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ ਦੋ ਕੇਸਾਂ ਵਿੱਚ ਸੱਤ ਵਿਅਕਤੀ ਸ਼ਾਮਲ ਸਨ, ਜਿਨ੍ਹਾਂ ਨੇ 385 ਕਰੋੜ ਰੁਪਏ ਦਾ ਧੋਖਾ ਕੀਤਾ ਹੈ। ਇਸ ਤੋਂ ਇਲਾਵਾ ਮਾਲ ਦੀ ਗ਼ੈਰਕਾਨੂੰਨੀ ਢੋਆ-ਢੁਆਈ ਤੇ ਧੋਖੇਬਾਜ਼ ਬਿਲਿੰਗ ਨੈੱਟਵਰਕਾਂ ਵਿਰੁੱਧ ਠੋਸ ਕਾਰਵਾਈ ਕਰਨ ਲਈ ਬਠਿੰਡਾ, ਮੰਡੀ ਗੋਬਿੰਦਗੜ੍ਹ, ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖੁਫੀਆ ਨੈੱਟਵਰਕ ਨੇ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੀ ਜਾਅਲੀ ਬਿਲਿੰਗ, ਮੁਹਾਲੀ, ਖਰੜ ਅਤੇ ਕੋਟਕਪੂਰਾ ਵਿੱਚ ਨਜਾਇਜ਼ ਕੋਲੇ ਦੇ ਲੈਣ-ਦੇਣ ਵਿੱਚ 226 ਕਰੋੜ ਰੁਪਏ ਅਤੇ ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਵਿੱਚ ਕੰਮ ਕਰ ਰਹੇ 423 ਕਰੋੜ ਰੁਪਏ ਦੇ ਬੋਗਸ ਬਿਲਿੰਗ ਨੈੱਟਵਰਕ ਫੜਿਆ। ਇਸ ਤੋਂ ਇਲਾਵਾ ‘ਪੇਟ ਪੂਜਾ ਐਪ’ ਨਾਲ ਜੁੜੇ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ।

